ਸਰਹੱਦੀ ਇਲਾਕੇ ’ਚ ਪੇਂਡੂ ਰੱਖਿਆ ਕਮੇਟੀਆਂ ਬਣਾਉਣ ਦਾ ਐਲਾਨ

ਅੰਮ੍ਰਿਤਸਰ ਵਿਚ ਪ੍ਰੋਗਰਾਮ ਦੌਰਾਨ ਡੀਜੀਪੀ ਗੌਰਵ ਯਾਦਵ ਨਾਲ ਕੋਈ ਨੁਕਤਾ ਸਾਂਝਾ ਕਰਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ

Banwarilal Purohit, Governor of Punjab (left ) and Gaurav Yadav D G P (right) shear a point during press conference at G N D U in Amritsar on Thursday photo vishal kumar

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਸ਼ਿਆਂ ਦੀ ਤਸਕਰੀ ਖ਼ਤਮ ਕਰਨ ਵਾਸਤੇ ਛੇ ਜ਼ਿਲ੍ਹਿਆਂ ਵਿੱਚ ਭਾਰਤ-ਪਾਕਿ ਸਰਹੱਦ ਦੇ 10 ਕਿਲੋਮੀਟਰ ਘੇਰੇ ’ਚ ਆਉਂਦੇ ਪਿੰਡਾਂ ਵਿਚ ‘ਵਿਲੇਜ ਡਿਫੈਂਸ ਕਮੇਟੀਆਂ’ ਬਣਾਉਣ ਦਾ ਐਲਾਨ ਕੀਤਾ ਹੈ। ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਮਗਰੋਂ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਰਾਜਪਾਲ ਨੇ ਨਸ਼ੇ ਅਤੇ ਤਸਕਰਾਂ ਦੇ ਖਾਤਮੇ ਲਈ ਪੰਜਾਬ ਸਰਕਾਰ, ਪੰਜਾਬ ਪੁਲੀਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ’ਚੋਂ ਜਿਹੜੀ ਰੱਖਿਆ ਕਮੇਟੀ ਆਪਣੇ ਪਿੰਡ ਜਾਂ ਇਲਾਕੇ ਵਿਚੋਂ ਨਸ਼ੇ ਨੂੰ ਖਤਮ ਕਰਨ ਲਈ ਸਭ ਤੋਂ ਵੱਧ ਸਰਗਰਮੀ ਨਾਲ ਕੰਮ ਕਰੇਗੀ ਉਸਨੂੰ ਆਗਾਮੀ 26 ਜਨਵਰੀ ਦੇ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਤਰ੍ਹਾਂ ਹਰੇਕ ਜ਼ਿਲ੍ਹੇ ’ਚੋਂ ਪਹਿਲੇ ਨੰਬਰ ’ਤੇ ਆਉਣ ਵਾਲੇ ਨੂੰ ਤਿੰਨ ਲੱਖ, ਦੂਜੇ ਨੰਬਰ ’ਤੇ 2 ਲੱਖ ਅਤੇ ਤੀਜੇ ਨੰਬਰ ’ਤੇ ਆਉਣ ਵਾਲੇ ਨੂੰ ਇਕ ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ।

ਇਸ ਦੌਰਾਨ ਉਨ੍ਹਾਂ ਨੇ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਵੱਲੋਂ ਬੀਤੇ ਦਿਨ ਪਠਾਨਕੋਟ ਦੀ ਸਰਹੱਦੀ ਪੱਟੀ ਵਿਚ ਡਰੋਨ ਰਾਹੀਂ ਹੁੰਦੀ ਤਸਕਰੀ ਰੋਕਣ ਲਈ ਸ਼ੁਰੂ ਕੀਤੇ ਗਏ ‘ਡਰੋਨ ਐਮਰਜੈਂਸੀ ਰਿਸਪਾਂਸ ਸਿਸਟਮ’ ਦੀ ਸਰਾਹਨਾ ਕਰਦਿਆਂ ਇਸ ਸਿਸਟਮ ਨੂੰ ਸਮੁੱਚੀ ਸਰਹੱਦੀ ਪੱਟੀ ਵਿਚ ਲਾਗੂ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਸਰਹੱਦੀ ਖੇਤਰਾਂ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏ ਜਾਣਗੇ।

ਰਾਜਪਾਲ ਨੇ ਸਰਹੱਦੀ ਪੱਟੀ ਦੇ ਨੌਜਵਾਨਾਂ ਨੂੰ ਵਿਗਿਆਨਕ ਢੰਗ ਨਾਲ ਸਿਖਿਅਤ ਕਰਨ ਲਈ ਸਰਹੱਦੀ ਖੇਤਰਾਂ ਵਿੱਚ ਇਕ ਮੋਬਾਈਲ ਸਾਇੰਸ ਲੈਬ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ। ਇਸ ਮੌਕੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਡੀਜੀਪੀ ਗੌਰਵ ਯਾਦਵ, ਪ੍ਰਭਾਰੀ ਸਕੱਤਰ ਰਮੇਸ਼ ਕੁਮਾਰ ਗੈਂਟਾ, ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ, ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ, ਡੀਸੀ ਅਮਿਤ ਤਲਵਾੜ, ਡੀਸੀ ਤਰਨ ਤਾਰਨ ਸੰਦੀਪ ਰਿਸ਼ੀ, ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ, ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਤੇ ਹੋਰ ਉਚ ਅਧਿਕਾਰੀ ਹਾਜ਼ਰ ਸਨ।

ਫ਼ਿਰੋਜ਼ਪੁਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਰੱਖਿਆ ਨੂੰ ਮਜ਼ਬੂਤ ਕਰਨ ਅਤੇ ਘੁਸਪੈਠ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਪੈਦਾ ਹੋ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਅੱਜ ਇਸ ਸਰਹੱਦੀ ਜ਼ਿਲ੍ਹੇ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ। ਸਰਹੱਦ ਦੇ ਨਾਲ ਲੱਗਦੇ ਪਿੰਡ ਗੱਟੀ ਰਾਜੋ ਕੀ ਵਿੱਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਰੱਖੇ ਸਮਾਗਮ ਦੌਰਾਨ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਆਖਿਆ ਕਿ ਸਰਹੱਦ ’ਤੇ ਵੱਸਦੇ ਲੋਕ ਸਿਰੜੀ ਅਤੇ ਮਿਹਨਤੀ ਹਨ। ਦੇਸ਼ ਦੀ ਰੱਖਿਆ ਨੂੰ ਕਾਇਮ ਰੱਖਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਹੈ। ਰਾਜਪਾਲ ਨੇ ਲੋਕਾਂ ਨੂੰ ਗੁਆਂਢੀ ਦੇਸ਼ ਦੀਆਂ ਗਤੀਵਿਧੀਆਂ ਤੋਂ ਚੌਕਸ ਰਹਿਣ, ਸੁਰੱਖਿਆ ਬਲਾਂ ਨਾਲ ਸਹਿਯੋਗ ਕਰਨ ਅਤੇ ਆਪਣੇ ਆਸਪਾਸ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਅਧਿਕਾਰੀਆਂ ਨੂੰ ਦੇਣ ਲਈ ਕਿਹਾ। ਇਸ ਮੌਕੇ ਸਰਹੱਦੀ ਖੇਤਰ ਦੇ ਕਿਸਾਨਾਂ ਤੇ ਪੰਚਾਇਤਾਂ ਵੱਲੋਂ ਰਾਜਪਾਲ ਨੂੰ ਸਰਹੱਦੀ ਖੇਤਰ ਦੀਆਂ ਮੁਸ਼ਕਲਾਂ ਤੇ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। ਇਸ ਤੋਂ ਇਲਾਵਾ ਇੱਕ ਸੰਸਥਾ ਵੱਲੋਂ ਫ਼ਿਰੋਜ਼ਪੁਰ ਵਿੱਚ ਪੀਜਆਈ ਦਾ ਸੈਟਲਾਈਟ ਸੈਂਟਰ ਛੇਤੀ ਬਣਾਉਣ ਲਈ ਵੀ ਮੰਗ ਪੱਤਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਦਾ ਸਰਹੱਦੀ ਜ਼ਿਲ੍ਹੇ ਵਿੱਚ ਇਸ ਵਰ੍ਹੇ ਦਾ ਇਹ ਦੂਜਾ ਦੌਰਾ ਸੀ। ਇਸ ਤੋਂ ਪਹਿਲਾਂ ਉਹ ਫ਼ਰਵਰੀ ਮਹੀਨੇ ਵਿਚ ਆਏ ਸਨ ਤੇ ਉਨ੍ਹਾਂ ਨੇ ਸਰਹੱਦੀ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਉਹ ਸ਼ਿਕਾਇਤਾਂ ਅੱਜ ਵੀ ਡੀਸੀ ਦਫ਼ਤਰ ਵਿਚ ਹੀ ਪਈਆਂ ਹਨ। ਸੂਤਰਾਂ ਮੁਤਾਬਕ ਉਨ੍ਹਾਂ ਸ਼ਿਕਾਇਤਾਂ ’ਤੇ ਅੱਜ ਤੱਕ ਨਾ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਕੀਤੀ ਗਈ ਹੈ ਤੇ ਨਾ ਹੀ ਉਨ੍ਹਾਂ ਸ਼ਿਕਾਇਤਾਂ ਨੂੰ ਰਾਜਪਾਲ ਤੱਕ ਪਹੁੰਚਾਇਆ ਗਿਆ ਹੈ। 

ਰਾਜਪਾਲ ਦੀ ਸੁਰੱਖਿਆ ਵਿੱਚ ਅਣਗਹਿਲੀ

ਸਮਾਗਮ ਦੌਰਾਨ ਅੱਜ ਜਿਹੜੇ ਲੋਕਾਂ ਨੂੰ ਰਾਜਪਾਲ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਸੀ, ਉਨ੍ਹਾਂ ਦੇ ਸ਼ਨਾਖ਼ਤੀ ਕਾਰਡ ਅੱਜ ਡੀਸੀ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਸਨ। ਮਿਲਣ ਵਾਲੇ ਲੋਕਾਂ ਨੂੰ ਬਿਨਾਂ ਉਨ੍ਹਾਂ ਦੀ ਫ਼ੋਟੋ ਲਾਏ ਕਾਰਡ ਦੇ ਦਿੱਤੇ ਗਏ ਤੇ ਸਬੰਧਤ ਕਰਮਚਾਰੀ ਵੱਲੋਂ ਉਨ੍ਹਾਂ ਨੂੰ ਖ਼ੁਦ ਹੀ ਆਪਣੀ ਤਸਵੀਰ ਲਾਉਣ ਲਈ ਕਹਿ ਕੇ ਭੇਜ ਦਿੱਤਾ ਗਿਆ। ਇਸ ਮਾਮਲੇ ਨੂੰ ਰਾਜਪਾਲ ਦੀ ਸੁਰੱਖਿਆ ਵਿਚ ਕੁਤਾਹੀ ਵਜੋਂ ਵੀ ਵੇਖਿਆ ਜਾ ਰਿਹਾ ਹੈ। ਹਾਲਾਂਕਿ ਇਸ ਮੁੱਦੇ ’ਤੇ ਕੋਈ ਵੀ ਅਧਿਕਾਰੀ ਬੋਲਣ ਨੂੰ ਤਿਆਰ ਨਹੀਂ ਹੈ।

With Thanks Reference To : https://www.punjabitribuneonline.com/news/punjab/announcement-of-formation-of-rural-defense-committees-in-the-border-areas-235161

Spread the love