ਮਜੀਠੀਆ ਦੀ ਨਿਆਂਇਕ ਹਿਰਾਸਤ 22 ਤੱਕ ਵਧਾਈ

2022_3$largeimg_554742988

ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਨੇ 22 ਮਾਰਚ ਤੱਕ ਨਿਆਂਇਕ ਹਿਰਾਸਤ ਤਹਿਤ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਮਜੀਠੀਆ ਪਹਿਲਾਂ ਦਿੱਤਾ ਜੁਡੀਸ਼ਲ ਰਿਮਾਂਡ ਖਤਮ ਹੋਣ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਹੋਏ। ਮਜੀਠੀਆ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਕਾਨੂੰਨੀ ਪ੍ਰਕਿਰਿਆ ਨੂੰ ਸਮਰਪਿਤ ਹਨ ਤੇ ਸਰਕਾਰ ਉਨ੍ਹਾਂ ਦਾ ਹੌਸਲਾ ਨਹੀਂ ਤੋੜ ਸਕਦੀ। ਮਜੀਠੀਆ ਨੂੰ ਪੇਸ਼ ਕਰਨ ਮੌਕੇ ਜ਼ਿਲ੍ਹਾ ਪੁਲੀਸ ਵੱਲੋਂ ਅਦਾਲਤ ਕੰਪਲੈਕਸ ਦੇ ਅੰਦਰ ਅਤੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ, ਜਿਸ ਕਾਰਨ ਮੀਡੀਆ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕੋਰਟ ਰੂਮ ਦੇ ਬਾਹਰ ਇਕੱਠੇ ਹੋਏ ਮਜੀਠੀਆ ਦੇ ਸਮਰਥਕਾਂ ਨੇ ਪੁਲੀਸ ਦੀ ਹਾਜ਼ਰੀ ਵਿੱਚ ਜੈਕਾਰੇ ਛੱਡੇ ਅਤੇ ਨਾਅਰੇ ਲਗਾਏ। ਅਕਾਲੀ ਆਗੂ ਨੇ ਜੱਜ ਸਾਹਮਣੇ ਪੇਸ਼ੀ ’ਤੇ ਹਾਜ਼ਰ ਹੋਣ ਸਬੰਧੀ ਦਸਤਾਵੇਜ਼ਾਂ ਉੱਤੇ ਦਸਤਖ਼ਤ ਕਰਨ ਉਪਰੰਤ ਆਪਣੇ ਵਕੀਲਾਂ ਰਾਹੀਂ ਨਵੇਂ ਸਿਰਿਓਂ ਅਰਜ਼ੀ ਦਾਇਰ ਕਰਕੇ ਉਨ੍ਹਾਂ ਵਿਰੁੱਧ ਦਰਜ ਅਪਰਾਧਿਕ ਮਾਮਲੇ ਸਬੰਧੀ ਪੁਲੀਸ ਦੀ ਹੁਣ ਤੱਕ ਦੀ ਕਾਰਵਾਈ (ਜ਼ਿਮਨੀ ਰਿਪੋਰਟ) ਸੀਲ ਕਰਨ ਅਤੇ ਉਸ ਦੀ ਕਾਪੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਖ਼ਦਸ਼ਾ ਪ੍ਰਗਟ ਕੀਤਾ ਕਿ ਜਦ ਤੋਂ ਉਨ੍ਹਾਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ, ਉਸ ਸਬੰਧੀ ਹੁਣ ਤੱਕ ਕੋਈ ਰਿਕਵਰੀ ਨਹੀਂ ਹੋਈ। ਸਰਕਾਰ ਦੇ ਆਖੇ ਲੱਗ ਕੇ ਪੁਲੀਸ ਉਨ੍ਹਾਂ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾਉਣ ਲਈ ਰਿਕਾਰਡ ਨਾਲ ਛੇੜਛਾੜ ਕਰ ਸਕਦੀ ਹੈ। ਅਦਾਲਤ ਨੇ ਪੇਸ਼ੀ ਦੌਰਾਨ ਹਾਜ਼ਰ ਪੰਜਾਬ ਪੁਲੀਸ ਦੇ ਏਆਈਜੀ ਅਤੇ ਸਿੱਟ ਮੁਖੀ ਬਲਰਾਜ ਸਿੰਘ ਸਿੱਧੂ ਦਾ ਪੱਖ ਜਾਣਨ ਮਗਰੋਂ ਮਜੀਠੀਆ ਦੀ ਅਰਜ਼ੀ ਮਨਜ਼ੂਰ ਕਰ ਲਈ। ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਥਾਣੇ ਵਿੱਚ ਬਿਕਰਮ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਉਹ ਨਿਆਂ-ਪ੍ਰਣਾਲੀ ਦੀ ਸਤਿਕਾਰ ਕਰਦੇ ਹਨ, ਪਰ ਕਾਂਗਰਸ ਸਰਕਾਰ ਦੀ ਪੂਰੀ ਕੋਸ਼ਿਸ਼ ਸੀ ਕਿ ਉਨ੍ਹਾਂ (ਮਜੀਠੀਆ) ਨੂੰ ਚੋਣ ਲੜਨ ਤੋਂ ਰੋਕਿਆ ਜਾਵੇ। ਲੋਕਤੰਤਰ ਦੇ ਘਾਣ ਦੀਆਂ ਕੋਸ਼ਿਸ਼ਾਂ ਦਾ ਸੁਪਰੀਮ ਕੋਰਟ ਨੇ ਵੀ ਗੰਭੀਰ ਨੋਟਿਸ ਲਿਆ, ਜਿਸ ਕਾਰਨ ਉਹ ਵਿਧਾਨ ਸਭਾ ਦੀ ਚੋਣ ਲੜ ਸਕੇ। ਮਜੀਠੀਆ ਨੇ ਕਿਹਾ ਕਿ ਸਰਕਾਰ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਉਹ ਉਨ੍ਹਾਂ ਦਾ ਮਨੋਬਲ ਨਹੀਂ ਤੋੜ ਸਕਦੀ। ਉਹ ਪਹਿਲਾਂ ਵੀ ਚੜ੍ਹਦੀ ਕਲਾ ਵਿੱਚ ਸੀ ਅਤੇ ਅੱਗੇ ਵੀ ਚੜ੍ਹਦੀ ਕਲਾ ਵਿੱਚ ਰਹਿਣਗੇ। ਐਗਜ਼ਿਟ ਪੋਲ ਬਾਰੇ ਪੁੱਛੇ ਜਾਣ ’ਤੇ ਮਜੀਠੀਆ ਨੇ ਕਿਹਾ ਕਿ ਪਿਛਲੀ ਵਾਰ ਵੀ ਚੋਣ ਸਰਵੇਖਣਾਂ ਨੇ ਆਮ ਆਦਮੀ ਪਾਰਟੀ (ਆਪ) ਨੂੰ 100 ਸੀਟਾਂ ਨਾਲ ਜੇਤੂ ਦਿਖਾਇਆ ਸੀ, ਪਰ ਪਾਰਟੀ ਨੂੰ ਬੜੀ ਮੁਸ਼ਕਲ ਨਾਲ 20 ਸੀਟਾਂ ਮਿਲੀਆਂ। ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਅਕਾਲੀ ਵਿਧਾਇਕ ਐੱਨ.ਕੇ. ਸ਼ਰਮਾ ਹਾਜ਼ਰ ਸਨ।

ਮਜੀਠੀਆ ਨੂੰ ਮਿਲਿਆ ਵੀਆਈਪੀ ਟਰੀਟਮੈਂਟ

ਅਕਾਲੀ ਆਗੂ ਨੂੰ ਅਦਾਲਤ ਵਿੱਚ ਪੇਸ਼ ਕਰਨ ਮੌਕੇ ਪੁਲੀਸ ਵੱਲੋਂ ਵੀਆਈਪੀ ਟਰੀਟਮੈਂਟ ਦਿੱਤਾ ਗਿਆ। ਮਜੀਠੀਆ ਨੂੰ ਹੋਰਨਾਂ ਕੈਦੀਆਂ ਵਾਂਗ ਪੰਜਾਬ ਪੁਲੀਸ ਦੀ ਬੱਸ ਵਿੱਚ ਨਹੀਂ ਲਿਆਂਦਾ ਗਿਆ ਬਲਕਿ ਉਹ ਇਨੋਵਾ ਕਾਰ ਵਿੱਚ ਸਵਾਰ ਹੋ ਕੇ ਅਦਾਲਤ ’ਚ ਪਹੁੰਚੇ। ਉਨ੍ਹਾਂ ਦੀ ਗੱਡੀ ਦੇ ਅੱਗੇ ਅਤੇ ਪਿੱਛੇ ਪੁਲੀਸ ਕਰਮਚਾਰੀ ਵੱਖਰੇ ਵਾਹਨਾਂ ਵਿੱਚ ਚੱਲ ਰਹੇ ਸੀ। ਅਦਾਲਤੀ ਪੇਸ਼ੀ ਦੌਰਾਨ ਵੀ ਪੁਲੀਸ ਇਸ ਕਦਰ ਮਜੀਠੀਆ ਦੇ ਅੱਗੇ ਪਿੱਛੇ ਘੁੰਮ ਰਹੀ ਸੀ ਕਿ ਜਿਵੇਂ ਉਹ ਕਿਸੇ ਸਮਾਰੋਹ ਵਿੱਚ ਮਹਿਮਾਨ ਬਣ ਕੇ ਆਏ ਹੋਣ। ਪੁਲੀਸ ਦੀ ਮੌਜੂਦਗੀ ਵਿੱਚ ਮਜੀਠੀਆ ਨੇ ਆਪਣੀ ਮੁੱਛਾਂ ਨੂੰ ਤਾਅ ਦਿੱਤੇ।

Spread the love