ਸਾਡਾ ਮਕਸਦ ਰੁਜ਼ਗਾਰ ਦੇਣਾ ਹੈ, ਖੋਹਣਾ ਨਹੀਂ: ਮੁੱਖ ਮੰਤਰੀ

2022_4$largeimg_2142639990

ਮੁੱਖ ਮੰਤਰੀ ਭਗਵੰਤ ਮਾਨ ਨੇ ਮੋਟਰ ਰੇਹੜੀਆਂ ’ਤੇ ਪਾਬੰਦੀ ਲਾਏ ਜਾਣ ਮਗਰੋਂ ਉੱਠੇ ਵਿਵਾਦ ਸਬੰਧੀ ਅੱਜ ਸਾਫ਼ ਆਖਿਆ ਹੈ ਕਿ ਪੰਜਾਬ ਵਿਚ ਕੋਈ ਵੀ ਮੋਟਰ ਰੇਹੜੀ ਬੰਦ ਨਹੀਂ ਹੋਵੇਗੀ। ਬੇਸ਼ੱਕ ਏਡੀਜੀਪੀ (ਟਰੈਫਿਕ) ਨੇ ਬੀਤੇ ਦਿਨ ਹੀ ਹੁਕਮ ਵਾਪਸ ਲੈ ਲਏ ਗਏ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨਾਲ ਇਸ ਮਸਲੇ ’ਤੇ ਮੀਟਿੰਗ ਕੀਤੀ। ਇਸ ਮੀਟਿੰਗ ’ਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿਚ ਕੋਈ ਵੀ ਮੋਟਰ ਰੇਹੜੀ ਬੰਦ ਨਹੀਂ ਹੋਣੀ ਚਾਹੀਦੀ ਹੈ।

ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਕਿਹਾ, ‘ਪੰਜਾਬ ਦੇ ਹਜ਼ਾਰਾਂ ਲੋਕ ਦਿਨ-ਰਾਤ ਮਿਹਨਤ ਕਰਕੇ ਮੋਟਰ ਰੇਹੜੀ ਰਾਹੀਂ ਆਪਣੀ ਦੋ ਵਕਤ ਦੀ ਰੋਟੀ ਕਮਾਉਂਦੇ ਹਨ। ਮੈਂ ਮੀਟਿੰਗ ਕਰਕੇ ਹੁਕਮ ਦਿੱਤੇ ਹਨ ਕਿ ਕੋਈ ਵੀ ਮੋਟਰ ਰੇਹੜੀ ਬੰਦ ਨਹੀਂ ਹੋਣੀ ਚਾਹੀਦੀ। ‘ਆਪ’ ਸਰਕਾਰ ਦਾ ਮਕਸਦ ਸਾਰਿਆਂ ਨੂੰ ਰੁਜ਼ਗਾਰ ਦੇਣਾ ਹੈ, ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ।’ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ 18 ਅਪਰੈਲ ਨੂੰ ਜਾਰੀ ਕੀਤੇ ਹੁਕਮਾਂ ’ਤੇ ਨਾਰਾਜ਼ਗੀ ਵੀ ਜ਼ਾਹਿਰ ਕੀਤੀ ਹੈ। ਸੂਤਰ ਦੱਸਦੇ ਹਨ ਕਿ ਮੁੱਖ ਮੰਤਰੀ ਨੇ ਅਫ਼ਸਰਾਂ ਨੂੰ ਤਾੜਨਾ ਕੀਤੀ ਹੈ ਕਿ ਕੋਈ ਵੀ ਅਜਿਹੇ ਹੁਕਮ ਜਾਰੀ ਕਰਨ ਤੋਂ ਪਹਿਲਾਂ ਮਾਮਲਾ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਜਾਵੇ।  ਜ਼ਿਕਰਯੋਗ ਹੈ ਕਿ ਏਡੀਜੀਪੀ (ਟਰੈਫ਼ਿਕ) ਨੇ 18 ਅਪਰੈਲ ਨੂੰ ‘ਜੁਗਾੜੂ ਰੇਹੜੀਆਂ’ ਬੰਦ ਕਰਨ ਦੇ ਹੁਕਮ ਦਿੱਤੇ ਸਨ। ਇਨ੍ਹਾਂ ਹੁਕਮਾਂ ਮਗਰੋਂ ਲੋਕਾਂ ’ਚ ਰੋਸ ਫੈਲ ਗਿਆ ਤੇ ਪੰਜਾਬ ਦੇ ਸ਼ਹਿਰਾਂ ਵਿਚ ਮੋਟਰ ਰੇਹੜੀ ਮਾਲਕਾਂ ਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਸਨ। ਇਸ ਦਾ ਪਤਾ ਲੱਗਦੇ ਹੀ ਮੁੱਖ ਮੰਤਰੀ ਨੇ ਟਰਾਂਸਪੋਰਟ ਮਹਿਕਮੇ ਨੂੰ ਤਲਬ ਕਰ ਲਿਆ ਤੇ ਲੰਘੀ ਦੇਰ ਸ਼ਾਮ ਪੁਲੀਸ ਨੇ ਆਪਣੇ ਹੁਕਮ ਵਾਪਸ ਲੈ ਲਏ ਸਨ। ਵਿਰੋਧੀ ਧਿਰਾਂ ਨੇ ਹੁਕਮ ਵਾਪਸੀ ਮਗਰੋਂ ਬੋਲਣਾ ਬੰਦ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦੌਰਾ ਅੱਜ

ਚੰਡੀਗੜ੍ਹ (ਟਨਸ):ਮੁੱਖ ਮੰਤਰੀ ਭਗਵੰਤ ਮਾਨ ਕੌਮੀ ਰਾਜਧਾਨੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਭਲਕੇ ਦੌਰਾ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸਕੂਲ ਸਿੱਖਿਆ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹੋਣਗੇ। ਮੁੱਖ ਮੰਤਰੀ ਦੇ ਦੌਰੇ ਦਾ ਮਕਸਦ ਸਿਹਤ ਤੇ ਸਿੱਖਿਆ ਖੇਤਰਾਂ ਵਿਚ ਪ੍ਰਚਲਿਤ ਮਾਡਲਾਂ ਤੋਂ ਜਾਣੂ ਹੋਣਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚਿਆਂ ਵਿਚ ਦਿੱਲੀ ਮਾਡਲ  ਲਾਗੂ ਕੀਤਾ ਜਾਣਾ ਹੈ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਲਕੇ ਸਵੇਰੇ ਕਾਲਕਾ ਜੀ ਵਿਚ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਐਕਸੀਲੈਂਸ ਦਾ ਦੌਰਾ ਕਰਨਗੇ ਅਤੇ ਇਸ ਉਪਰੰਤ ਚਿਰਾਗ ਐਨਕਲੇਵ ਦੇ ਗ੍ਰੇਟਰ ਕੈਲਾਸ਼ ਵਿਖੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਭਗਵੰਤ ਮਾਨ ਸਰਕਾਰੀ ਸਰਵੋਦਿਆ ਬਾਲ ਵਿਦਿਆਲਿਆ ਚਿਰਾਗ ਐਨਕਲੇਵ ਦਾ ਦੌਰਾ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਸਕੂਲ ਵਿੱਚ ਨਵੇਂ ਬਣੇ ਸਵਿਮਿੰਗ ਪੂਲ ਦਾ ਉਦਘਾਟਨ ਵੀ ਕਰਨਗੇ। ਇਸੇ ਤਰ੍ਹਾਂ ਭਗਵੰਤ ਮਾਨ ਦਿਲਸ਼ਾਦ ਬਾਗ਼ ਸਥਿਤ ਰਾਜੀਵ ਗਾਂਧੀ ਹਸਪਤਾਲ ਦਾ ਦੌਰਾ ਵੀ ਕਰਨਗੇ ਅਤੇ ਨਾਗਰਿਕਾਂ ਨੂੰ  ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਮੁਆਇਨਾ ਕਰਨਗੇ। ਪੰਜਾਬ ਦੇ ਸਿਹਤ ਮੰਤਰੀ ਤੇ ਸਿੱਖਿਆ ਮੰਤਰੀ ਦੇ ਮੁੱਖ ਮੰਤਰੀ ਨਾਲ ਦਿੱਲੀ ਦੌਰੇ ’ਤੇ ਜਾਣ ਬਾਰੇ ਕੋਈ ਪੁਸ਼ਟੀ ਨਹੀਂ ਹੋ ਸਕੀ ਹੈ।

With Thanks Refrence to: https://www.punjabitribuneonline.com/news/punjab/our-aim-is-to-provide-employment-not-to-lose-it-cm-147259

Spread the love