ਮੁਹਾਲੀ ਧਮਾਕਾ: ਐੱਨਆਈਏ ਟੀਮ ਮੌਕੇ ’ਤੇ ਪੁੱਜੀ
ਮੁਹਾਲੀ ਵਿੱਚ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ’ਤੇ ਰਾਕੇਟ ਲਾਂਚਰ ਨਾਲ ਕੀਤੇ ਹਮਲੇ ਤੋਂ ਇਕ ਦਿਨ ਮਗਰੋਂ ਪੰਜਾਬ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਰਾਜ ਦੀਆਂ ਸਰਹੱਦਾਂ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਪੁਲੀਸ ਨੇ ਦੋ ਮਸ਼ਕੂਕਾਂ ਨੂੰ ਹਿਰਾਸਤ ਵਿੱਚ ਲੈਣ ਦਾ ਦਾਅਵਾ ਕੀਤਾ ਹੈ। ਉਧਰ ਦਿੱਲੀ ਤੋਂ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਟੀਮ ਵੀ ਮੌਕੇ ’ਤੇ ਪੁੱਜ ਗਈ ਹੈ। ਟੀਮ ਨੇ ਇਲਾਕੇ ਦਾ ਮੁਆਇਨਾ ਕੀਤਾ। ਸੂਤਰਾਂ ਮੁਤਾਬਕ ਐੱਨਆਈਏ ਦੀ ਟੀਮ ਪੰਜਾਬ ਪੁਲੀਸ ਦੇ ਸੰਪਰਕ ਵਿੱਚ ਹੈ ਤੇ ਕੇਸ ਕੇਂਦਰੀ ਜਾਂਚ ਏਜੰਸੀ ਨੂੰ ਤਬਦੀਲ ਕੀਤਾ ਜਾ ਸਕਦਾ ਹੈ। ਪੁਲੀਸ ਨੇ ਹਮਲੇ ਨੂੰ ਅੰਜਾਮ ਦੇਣ ਲਈ ਟੀਐਨਟੀ ਬਾਰੂਦ ਦੀ ਵਰਤੋਂ ਕੀਤੇ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਇਸ ਦੌਰਾਨ ਪੰਜਾਬ ਦੇ ਡੀਜੀਪੀ ਵੀ.ਕੇ.ਭਾਵਰਾ ਨੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ’ਚ ਗ੍ਰਨੇਡ ਹਮਲੇ ਵਾਲੀ ਥਾਂ ਦਾ ਦੌਰਾ ਕੀਤਾ। ਇਸੇ ਦੌਰਾਨ ਪੰਜਾਬ ਪੁਲੀਸ ਨੇ ਹਮਲੇ ਲਈ ਵਰਤਿਆ ਰੂਸ ਦਾ ਬਣਿਆ ਲਾਂਚਰ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਗਈ ਹੈ। ਪੁਲੀਸ ਦੀਆਂ ਕਈ ਟੀਮਾਂ ਸਿਟ ਨੂੰ ਸਹਿਯੋਗ ਦੇਣਗੀਆਂ।
ਐੱਨਆਈਏ ਦੇ ਡਾਇਰੈਕਟਰ ਜਨਰਲ ਕੁਲਦੀਪ ਸਿੰਘ ਨੇ ਕਿਹਾ ਕਿ ਹਮਲੇ ਦੇ ਸਾਜ਼ਿਸ਼ਕਾਰਾਂ ਦੀ ਪੈੜ ਨੱਪਣ ਲਈ ਟੀਮ ਵੱਲੋਂ ਧਮਾਕੇ ਵਾਲੀ ਥਾਂ ਦੀ ਪੜਚੋਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਅਧਿਕਾਰਤ ਤੌਰ ’ਤੇ ਕੇਸ ਦੀ ਜਾਂਚ ਕਰ ਰਹੀ ਹੈ ਜਦੋਂਕਿ ਐੱਨਆਈਏ ਕੇਂਦਰੀ ਏਜੰਸੀ ਹੋਣ ਦੇ ਨਾਤੇ ਇਲਾਕੇ ਦਾ ਮੁਆਇਨਾ ਕਰਨ ਆਈ ਹੈ। ਸਿੰਘ ਨੇ ਕਿਹਾ ਕਿ ਉਨ੍ਹਾਂ ਹਾਲ ਦੀ ਘੜੀ ਕੋਈ ਕੇਸ ਦਰਜ ਨਹੀਂ ਕੀਤਾ, ਪਰ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਹਦਾਇਤਾਂ ਦੀ ਉਡੀਕ ਹੈ। ਸਿੰਘ ਨੇ ਕਿਹਾ ਕਿ ਐੱਨਆਈਏ ਟੀਮ ਪੰਜਾਬ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਦੋ ਮਸ਼ਕੂਕਾਂ ਤੋਂ ਪੁੱਛ-ਪੜਤਾਲ ਕਰ ਰਹੀ ਹੈ। ਐੱਨਆਈਏ ਦਾ ਮੰਨਣਾ ਹੈ ਕਿ ਇਸ ਹਮਲੇ ਪਿੱਛੇ ਪੰਜਾਬ ਵਿੱਚ ਸਰਗਰਮ ਖਾਲਿਸਤਾਨੀ ਜਥੇਬੰਦੀਆਂ ਦਾ ਹੱਥ ਹੈ, ਜੋ ਇਲਾਕੇ ਦੀ ਕਈ ਵਾਰ ਰੇਕੀ ਕਰਨ ਮਗਰੋਂ ਅਜਿਹੇ ਹਮਲਿਆਂ ਨੂੰ ਅੰਜਾਮ ਦਿੰਦੀਆਂ ਹਨ। ਤਫ਼ਤੀਸ਼ਕਾਰਾਂ ਦਾ ਮੰਨਣਾ ਹੈ ਕਿ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ’ਤੇ ਹਮਲੇ ਲਈ ਆਰਪੀਜੀ-22 ਵਰਤਿਆ ਹੋ ਸਕਦਾ ਹੈ। ਪੁਲੀਸ ਵੱਲੋਂ ਕੀਤੀ ਸ਼ੁਰੂਆਤੀ ਪੜਤਾਲ ਤੋਂ ਇਹੀ ਸੰਕੇਤ ਮਿਲਿਆ ਹੈ ਕਿ ਹਮਲੇ ਪਿੱਛੇ ਦੋ ਕਾਰ ਸਵਾਰਾਂ ਦਾ ਹੱਥ ਹੋ ਸਕਦਾ ਹੈ। ਹਮਲੇ ਤੋਂ ਪਹਿਲਾਂ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੀ ਇਮਾਰਤ ਦੇ ਬਾਹਰ ਸਫ਼ੇਦ ਰੰਗ ਦੀ ਡਿਜ਼ਾਇਰ ਕਾਰ ਵੇਖੀ ਗਈ ਸੀ। ਇਮਾਰਤ ਵਿੱਚ ਕੋਈ ਸੀਸੀਟੀਵੀ ਕੈਮਰਾ ਨਾ ਲੱਗਾ ਹੋਣ ਕਰਕੇ ਪੁਲੀਸ ਵੱਲੋਂ ਨੇੜਲੇ ਇਲਾਕਿਆਂ/ਖੇਤਰਾਂ ਦੀ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਤੇ ਨੇੜੇ ਰਹਿੰਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਦੌਰਾਨ ਪੰਜਾਬ ਪੁਲੀਸ ਨੇ ਹਮਲੇ ਲਈ ਵਰਤਿਆ ਰੂਸ ਦਾ ਬਣਿਆ ਲਾਂਚਰ ਬਰਾਮਦ ਕਰ ਲਿਆ ਹੈ। ਸੂਤਰਾਂ ਨੇ ਕਿਹਾ ਕਿ ਲਾਂਚਰ ਐਡਵੋਕੇਟਸ ਕੋਆਪਰੇਟਿਵ ਸੁਸਾਇਟੀ ਨੇੜਿਓਂ ਸੁੰਨਸਾਨ ਥਾਂ ਤੋਂ ਮਿਲਿਆ ਹੈ, ਜੋ ਹੈੈੱਡਕੁਆਰਟਰ ਤੋਂ ਮਸਾਂ ਕਿਲੋਮੀਟਰ ਦੂਰ ਹੈ। ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ਦੇ ਸੁਰੱਖਿਆ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਦੇ ਬਿਆਨਾਂ ਉੱਤੇ ਮੁਹਾਲੀ ਦੇ ਸੋਹਾਣਾ ਥਾਣੇ ਵਿੱਚ ਆਈਪੀਸੀ, ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂਏਪੀਏ) ਅਤੇ ਧਮਾਕਾਖੇਜ਼ ਸਮੱਗਰੀ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੂੰ ਹਮਲੇ ਪਿੱਛੇ ਗੈਂਗਸਟਰ ਤੋਂ ਦਹਿਸ਼ਤਗਰਦ ਬਣੇ ਹਰਵਿੰਦਰ ਸਿੰਘ ਰਿੰਦਾ, ਜੋ ਇਸ ਵੇਲੇ ਪਾਕਿਸਤਾਨ ਵਿੱਚ ਹੈ, ਦੀ ਸ਼ਮੂਲੀਅਤ ਦਾ ਸ਼ੱਕ ਹੈ। ਮੁਹਾਲੀ ਵਿੱਚ ਇਹ ਧਮਾਕਾ ਅਜਿਹੇ ਮੌਕੇ ਹੋਇਆ ਹੈ ਜਦੋਂ ਕਿ ਪਿਛਲੇ ਮਹੀਨੇ 24 ਅਪਰੈਲ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਨੇੜਿਓਂ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਗਈ ਸੀ।
ਮੁੱਖ ਮੰਤਰੀ ਵੱਲੋਂ ਡੀਜੀਪੀ ਨੂੰ ਜਾਂਚ ਦੇ ਹੁਕਮ
ਚੰਡੀਗੜ੍ਹ (ਟਨਸ):ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਵਿੱਚ ਲੰਘੀ ਰਾਤ ਹੋਏ ਰਾਕੇਟ ਲਾਂਚਰ ਹਮਲੇ ਦਾ ਨੋਟਿਸ ਲੈਂਦਿਆਂ ਡੀਜੀਪੀ ਵੀ.ਕੇ. ਭਾਵਰਾ ਨੂੰ ਪੂਰੀ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਨੀਅਰ ਪੁਲੀਸ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਸੂਬੇ ਦਾ ਮਾਹੌਲ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੁਝ ਦੁਸ਼ਮਣ ਤਾਕਤਾਂ ਪੰਜਾਬ ਵਿੱਚ ਗੜਬੜ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ, ਜਿਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਡੀਜੀਪੀ ਨੇ ਦੱਸਿਆ ਕਿ ਕੁਝ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਮਲੇ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਤੇ ਏਡੀਜੀਪੀ ਇੰਟੈਲੀਜੈਂਸ ਐੱਸ.ਐੱਸ. ਸ੍ਰੀਵਾਸਤਵਾ ਵੀ ਸ਼ਾਮਲ ਸਨ।
ਹਮਲਾਵਰਾਂ ਨੇ ਸਾਨੂੰ ਚੁਣੌਤੀ ਦਿੱਤੀ: ਡੀਜੀਪੀ
ਪੰਜਾਬ ਦੇ ਡੀਜੀਪੀ ਵੀ.ਕੇ.ਭਾਵਰਾ ਨੇ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ’ਤੇ ਹੋਏ ਹਮਲੇ ਦੇ ਹਵਾਲੇ ਨਾਲ ਕਿਹਾ ਕਿ ਹਮਲਾਵਰਾਂ ਨੇ ‘ਸਾਨੂੰ ਚੁਣੌਤੀ ਦਿੱਤੀ ਹੈ’ ਤੇ ਪੰਜਾਬ ਪੁਲੀਸ ਇਸ ਚੁਣੌਤੀ ਦਾ ਤਕੜੇ ਹੋ ਕੇ ਟਾਕਰਾ ਕਰੇਗੀ। ਡੀਜੀਪੀ ਭਾਵਰਾ ਇਥੇ ਇੰਟੈਲੀਜੈਂਸ ਵਿੰਗ ਦੇ ਦਫ਼ਤਰ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨਾਲ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਡੀਜੀਪੀ ਵੀ.ਕੇ. ਭਾਵਰਾ ਸਿੱਧਾ ਇੰਟੈਲੀਜੈਂਸ ਵਿੰਗ ਦੇ ਦਫ਼ਤਰ ਪਹੁੰਚੇ ਸਨ। ਇਥੇ ਉਨ੍ਹਾਂ ਏਡੀਜੀਪੀ, ਆਈਜੀ, ਡੀਆਈਜੀ ਰੈਂਕ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਰੂਪਨਗਰ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਵੀ ਹਾਜ਼ਰ ਸਨ। ਪੁਲੀਸ ਨੇ ਘਟਨਾ ਨੂੰ ਅੰਜਾਮ ਦੇਣ ਲਈ ਟੀਐਨਟੀ ਬਾਰੂਦ ਦੀ ਵਰਤੋਂ ਕੀਤੇ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਡੀਜੀਪੀ ਨੇ ਕਿਹਾ ਕਿ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲੀਸ ਨੂੰ ਵੱਡੀ ਲੀਡ ਮਿਲੀ ਹੈ ਅਤੇ ਜਲਦੀ ਹੀ ਮਾਮਲਾ ਸੁਲਝਾ ਲਿਆ ਜਾਵੇਗਾ ਅਤੇ ਹਮਲਾਵਰ ਬਹੁਤ ਜਲਦ ਹਵਾਲਾਤ ਵਿੱਚ ਬੰਦ ਨਜ਼ਰ ਆਉਣਗੇ। ਹਾਲਾਂਕਿ ਪੁਲੀਸ ਨੇ ਪੁੱਛਗਿੱਛ ਲਈ ਕਰੀਬ ਦਰਜਨ ਭਰ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਪਰ ਡੀਜੀਪੀ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਪੱਸ਼ਟ ਕੀਤਾ ਕਿ ਫਿਲਹਾਲ ਇਸ ਮਾਮਲੇ ਵਿੱਚ ਕਿਸੇ ਵਿਅਕਤੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਹਮਲੇ ਪਿੱਛੇ ਖ਼ਾਲਿਸਤਾਨ ਜਾਂ ਹੋਰਨਾਂ ਦਹਿਸ਼ਤਗਰਦਾਂ ਦਾ ਹੱਥ ਹੋਣ ਬਾਰੇ ਪੁੱਛੇ ਸਵਾਲ ਨੂੰ ਉਹ ਇਹ ਕਹਿ ਕੇ ਟਾਲ ਗਏ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਉਂਜ ਉਨ੍ਹਾਂ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਸਿੱਟ ਬਣਾਉਣ ਦੀ ਵੀ ਗੱਲ ਕਹੀ। ਉਧਰ, ਸੂਤਰਾਂ ਦੀ ਜਾਣਕਾਰੀ ਅਨੁਸਾਰ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ’ਤੇ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਨੇ ਅੰਬਾਲਾ ਤੋਂ ਇੱਕ ਸ਼ੱਕੀ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਸਬੰਧੀ ਉੱਚ ਅਧਿਕਾਰੀ ਹੀ ਕੁਝ ਦੱਸ ਸਕਦੇ ਹਨ। ਹਾਲਾਂਕਿ ਮੁੱਖ ਮੰਤਰੀ ਅਤੇ ਡੀਜੀਪੀ ਵੀ.ਕੇ.ਭਾਵਰਾ ਦੇ ਬਿਆਨ ਵੀ ਆਪਸ ਵਿੱਚ ਮੇਲ ਨਹੀਂ ਖਾਂਦੇ ਹਨ।
ਚੁਣੌਤੀਆਂ ਨੂੰ ਗੰਭੀਰਤਾ ਨਾਲ ਲਵੇ ਸਰਕਾਰ: ਵੜਿੰਗ
ਚੰਡੀਗੜ੍ਹ (ਟਨਸ):ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਮੁਹਾਲੀ ਵਿਚ ਹੋਇਆ ਅਤਿਵਾਦੀ ਹਮਲਾ ਮੌਜੂਦਾ ਪੰਜਾਬ ਸਰਕਾਰ ਦੀ ਗੈਰ-ਤਜਰਬੇਕਾਰ ਸਥਿਤੀ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਆਪਣੀ ਤਰਜੀਹ ਨੂੰ ਸਹੀ ਦਿਸ਼ਾ ਵਿਚ ਬਦਲਣ ਅਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਵੱਲ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ।
ਸਰਕਾਰ ਲਈ ਜਾਗਣ ਦਾ ਸੁਨੇਹਾ : ਸਿੱਧੂ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਮੁਹਾਲੀ ਦੀ ਘਟਨਾ ਸੂਬਾਈ ਇੰਟੈਲੀਜੈਂਸ ਦੀ ਨਾਕਾਮੀ ਤੇ ਕਮਜ਼ੋਰੀ ਨੂੰ ਜ਼ਾਹਿਰ ਕਰਦੀ ਹੈ ਅਤੇ ਇਹ ਘਟਨਾ ਪੰਜਾਬ ਸਰਕਾਰ ਲਈ ਜਾਗਣ ਦਾ ਸੁਨੇਹਾ ਹੈ। ਇਸ ਵੇਲੇ ਚੌਕਸ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਅਮਨ ਕਾਨੂੰਨ ਦੀ ਵਿਵਸਥਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰੀ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ।
With Thanks Refrence to: https://www.punjabitribuneonline.com/news/punjab/mohali-blast-nia-team-arrives-on-the-scene-150916