ਅੰਮ੍ਰਿਤਪਾਲ ਭਗੌੜਾ ਕਰਾਰ; ਚਾਰ ਸਮਰਥਕ ਡਿਬਰੂਗੜ੍ਹ ਜੇਲ੍ਹ ’ਚ ਬੰਦ
ਪੰਜਾਬ ਪੁਲੀਸ ਦੀ ਕਾਰਵਾਈ ਮਗਰੋਂ ਫਰਾਰ ਹੋਏ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਕਰਾਰ ਦਿੰਦਿਆਂ ਅੱਜ ਵੀ ਉਸ ਦੀ ਭਾਲ ਜਾਰੀ ਰੱਖੀ। ਉਸ ਦੇ 4 ਸਮਰਥਕਾਂ ਨੂੰ ਅੱਜ ਪੁਲੀਸ ਅਸਾਮ ਦੇ ਡਿਬਰੂਗੜ੍ਹ ਲੈ ਕੇ ਪਹੁੰਚੀ ਜਿਨ੍ਹਾਂ ’ਚ ਅੰਮ੍ਰਿਤਪਾਲ ਦਾ ਕਥਿਤ ਸਲਾਹਕਾਰ ਅਤੇ ਫੰਡ ਮੁਹੱਈਆ ਕਰਾਉਣ ਵਾਲਾ ਦਲਜੀਤ ਸਿੰਘ ਕਲਸੀ, ਭਗਵੰਤ ਸਿੰਘ, ਗੁਰਮੀਤ ਸਿੰਘ ਅਤੇ ਪ੍ਰਧਾਨਮੰਤਰੀ ਬਾਜੇਕਾ ਸ਼ਾਮਲ ਹਨ। ਇਸ ਦੌਰਾਨ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਕੁਝ ਸਮਰਥਕਾਂ ਖ਼ਿਲਾਫ਼ ਗ਼ੈਰਕਾਨੂੰਨੀ ਢੰਗ ਨਾਲ ਹਥਿਆਰ ਰੱਖਣ ਦਾ ਨਵੇਂ ਕੇਸ ਦਰਜ ਕੀਤੇ ਹਨ। ਇਸ ਤੋਂ ਪਹਿਲਾਂ ਪੁਲੀਸ ਨੇ ਅਜਨਾਲਾ ਕਾਂਡ ਲਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਸੀ।
ਪੁਲੀਸ ਨੇ ਅੰਮ੍ਰਿਤਪਾਲ ਦੇ 34 ਹੋਰ ਸਮਰਥਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੁਣ ਤੱਕ ਪੁਲੀਸ ਨੇ 112 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਧਰ ਪੰਜਾਬ ਸਰਕਾਰ ਨੇ ਸੂਬੇ ’ਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ 24 ਘੰਟੇ ਹੋਰ ਵਧਾਉਂਦਿਆਂ ਸੋਮਵਾਰ ਦੁਪਹਿਰ ਤੱਕ ਮੁਅੱਤਲ ਕਰ ਦਿੱਤੀਆਂ ਹਨ। ਵਧੀਕ ਮੁੱਖ ਸਕੱਤਰ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਬ੍ਰਾਡਬੈਂਡ ਸੇਵਾਵਾਂ ਮੁਅੱਤਲ ਨਹੀਂ ਕੀਤੀਆਂ ਗਈਆਂ ਹਨ ਤਾਂ ਜੋ ਬੈਂਕਿੰਗ ਸਹੂਲਤਾਂ, ਹਸਪਤਾਲ ਸੇਵਾਵਾਂ ਅਤੇ ਹੋਰ ਜ਼ਰੂਰੀ ਸੇਵਾਵਾਂ ’ਤੇ ਕੋਈ ਅਸਰ ਨਾ ਪਵੇ। ਸੁਰੱਖਿਆ ਬਲਾਂ ਨੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਬਠਿੰਡਾ, ਰੂਪਨਗਰ, ਫਰੀਦਕੋਟ, ਬਟਾਲਾ, ਫਾਜ਼ਿਲਕਾ, ਹੁਸ਼ਿਆਰਪੁਰ, ਗੁਰਦਾਸਪੁਰ, ਮੋਗਾ ਸਮੇਤ ਸੂਬੇ ’ਚ ਕਈ ਥਾਵਾਂ ’ਤੇ ਫਲੈਗ ਮਾਰਚ ਕੀਤਾ। ਗੁਆਂਢੀ ਸੂਬੇ ਹਰਿਆਣਾ ’ਚ ਵੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਸ਼ੰਭੂ ਬਾਰਡਰ ’ਤੇ ਵਾਧੂ ਨਾਕੇ ਲਗਾਏ ਗਏ ਹਨ। ਕੁਰੂਕਸ਼ੇਤਰ, ਕੈਥਲ ਅਤੇ ਸਿਰਸਾ ਸਮੇਤ ਪੰਜਾਬ ਨਾਲ ਲਗਦੇ ਕਈ ਹੋਰ ਜ਼ਿਲ੍ਹਿਆਂ ’ਚ ਵੀ ਪੁਲੀਸ ਨਜ਼ਰ ਰੱਖ ਰਹੀ ਹੈ। ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਪੁਸ਼ਟੀ ਕੀਤੀ ਹੈ ਕਿ ਅੰਮ੍ਰਿਤਪਾਲ ਅਜੇ ਉਨ੍ਹਾਂ ਦੀ ਗ੍ਰਿਫ਼ਤ ਤੋਂ ਬਾਹਰ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਕਾਨੂੰਨੀ ਪ੍ਰਕਿਰਿਆ ਤਹਿਤ ਸਾਰੀ ਕਾਰਵਾਈ ਨੂੰ ਅਮਲ ’ਚ ਲਿਆ ਰਹੀ ਹੈ। ਪੁਲੀਸ ਨੇ ਦੱਸਿਆ ਕਿ ਪੰਜਾਬ ’ਚ ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਚਾਰ ਸਮਰਥਕਾਂ ਨੂੰ ਡਿਬਰੂਗੜ੍ਹ ਲਿਆਂਦਾ ਗਿਆ ਹੈ। ਇਕ ਪੁਲੀਸ ਅਧਿਕਾਰੀ ਨੇ ਕਿਹਾ,‘‘ਉਨ੍ਹਾਂ ਨੂੰ ਵਿਸ਼ੇਸ਼ ਉਡਾਣ ਰਾਹੀਂ ਡਿਬਰੂਗੜ੍ਹ ਲਿਆ ਕੇ ਕੇਂਦਰੀ ਜੇਲ੍ਹ ’ਚ ਰੱਖਿਆ ਗਿਆ ਹੈ।’’ ਪੁਲੀਸ ਨੇ ਕਿਹਾ ਕਿ ਡਿਬਰੂਗੜ੍ਹ ਲਿਆਂਦੇ ਗਏ ਮੁਲਜ਼ਮਾਂ ’ਚ ਅੰਮ੍ਰਿਤਪਾਲ ਦਾ ਕਥਿਤ ਸਲਾਹਕਾਰ ਅਤੇ ਫੰਡ ਮੁਹੱਈਆ ਕਰਾਉਣ ਵਾਲਾ ਦਲਜੀਤ ਸਿੰਘ ਕਲਸੀ ਵੀ ਸ਼ਾਮਲ ਹੈ। ਅਸਾਮ ਪੁਲੀਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਪੰਜਾਬ ਪੁਲੀਸ ਦੀ 27 ਮੈਂਬਰੀ ਟੀਮ ਚਾਰਾਂ ਨੂੰ ਡਿਬਰੂਗੜ੍ਹ ਲੈ ਕੇ ਆਈ ਹੈ। ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਨੂੰ ਪੰਜਾਬ ਤੋਂ ਕਰੀਬ 2500 ਕਿਲੋਮੀਟਰ ਦੂਰ ਅਸਾਮ ’ਚ ਲਿਆਉਣ ਦੇ ਮਨਸ਼ੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ, ਜੋ ਦਿੱਲੀ ’ਚ ਸਨ, ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਸੂਬਾ ਮੁਲਜ਼ਮਾਂ ਨੂੰ ਜੇਲ੍ਹ ’ਚ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਕਈ ਵਾਰ ਕੁਝ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇਕ ਤੋਂ ਦੂਜੇ ਸੂਬੇ ਦੀ ਜੇਲ੍ਹ ’ਚ ਭੇਜਿਆ ਜਾਂਦਾ ਹੈ।ਪੰਜਾਬ ਸਰਕਾਰ ਨੇ ਸ਼ਨਿਚਰਵਾਰ ਨੂੰ ਵੱਡੀ ਕਾਰਵਾਈ ਕਰਦਿਆਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਪਰ ਪੁਲੀਸ ਮੁਤਾਬਕ ਅੰਮ੍ਰਿਤਪਾਲ ਸਿੰਘ ਉਨ੍ਹਾਂ ਨੂੰ ਝਕਾਨੀ ਦੇ ਕੇ ਫ਼ਰਾਰ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ’ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਜਿਥੇ ਉਸ ਦੇ ਪਿਤਾ ਤਰਸੇਮ ਸਿੰਘ ਨੇ ਦੋਸ਼ ਲਾਇਆ ਕਿ ਪੁਲੀਸ ਨੇ ਉਨ੍ਹਾਂ ਦੇ ਪੁੱਤਰ ਨੂੰ ਹਿਰਾਸਤ ’ਚ ਲਿਆ ਹੋਇਆ ਹੈ। ਉਨ੍ਹਾਂ ਕਿਹਾ,‘‘ਅੰਮ੍ਰਿਤਪਾਲ ਸਿੰਘ ਦੀ ਸ਼ਨਿਚਰਵਾਰ ਤੋਂ ਕੋਈ ਜਾਣਕਾਰੀ ਨਹੀਂ ਹੈ। ਸਾਨੂੰ ਜਾਪਦਾ ਹੈ ਕਿ ਉਸ ਨੂੰ ਪਹਿਲਾਂ ਹੀ ਹਿਰਾਸਤ ’ਚ ਲੈ ਲਿਆ ਗਿਆ ਹੈ। ਸਾਨੂੰ ਡਰਨ ਦੀ ਲੋੜ ਨਹੀਂ ਹੈ ਕਿਉਂਕਿ ਉਸ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ, ਸਗੋਂ ਉਹ ਤਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਵਰਜ ਰਿਹਾ ਹੈ।’’ ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਸ਼ਨਿਚਰਵਾਰ ਨੂੰ ਜਲੰਧਰ-ਮੋਗਾ ਰੋਡ ’ਤੇ ਮਹਿਤਪੁਰ ਤੋਂ ਗ੍ਰਿਫਤਾਰ ਕੀਤਾ ਜਾਣਾ ਸੀ। ਹਾਲਾਂਕਿ, ਗਰਮਖ਼ਿਆਲੀ ਆਗੂ ਪੁਲੀਸ ਤੋਂ ਬਚਣ ਵਿੱਚ ਕਾਮਯਾਬ ਹੋ ਗਿਆ। ਸੂਤਰਾਂ ਅਨੁਸਾਰ ਉਸ ਨੇ ਨਕੋਦਰ ਨੇੜੇ ਆਪਣੀ ਗੱਡੀ ਅਤੇ ਮੋਬਾਈਲ ਫੋਨ ਛੱਡ ਦਿੱਤਾ ਸੀ।
ਜਲੰਧਰ ’ਚ ਐਤਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਉਹ ਛੇਤੀ ਹੀ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲੈਣਗੇ। ਉਨ੍ਹਾਂ ਅਪਰੇਸ਼ਨ ’ਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਹੋਣ ਤੋਂ ਇਨਕਾਰ ਕੀਤਾ। ‘ਇਹ ਚੋਰ ਅਤੇ ਸਿਪਾਹੀ ਦੀ ਖੇਡ ਹੈ। ਕਈ ਵਾਰ ਉਹ ਬਚਣ ’ਚ ਕਾਮਯਾਬ ਰਹਿੰਦੇ ਹਨ ਪਰ ਅਸੀਂ ਛੇਤੀ ਹੀ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਵਾਂਗੇ।’’ ਅੰਮ੍ਰਿਤਪਾਲ ਸਿੰਘ ਦੇ ਬੱਚ ਕੇ ਨਿਕਲਣ ਬਾਰੇ ਚਾਹਲ ਨੇ ਕਿਹਾ,‘‘ਉਸ ਦੇ ਵਾਹਨ ਦਾ ਸੁਰੱਖਿਆ ਕਰਮੀਆਂ ਵੱਲੋਂ 20 ਤੋਂ 25 ਕਿਲੋਮੀਟਰ ਤੱਕ ਪਿੱਛਾ ਕੀਤਾ ਗਿਆ ਸੀ। ਵਾਹਨ ਅੱਗੇ ਹੋਣ ਕਾਰਨ ਉਸ ਨੂੰ ਰੋਕਿਆ ਨਹੀਂ ਜਾ ਸਕਿਆ ਕਿਉਂਕਿ ਗਲੀਆਂ ਭੀੜੀਆਂ ਸਨ ਅਤੇ ਬਾਅਦ ’ਚ ਉਹ ਕਿਸੇ ਹੋਰ ਵਾਹਨ ’ਤੇ ਸਵਾਰ ਹੋ ਕੇ ਬਚ ਕੇ ਨਿਕਲ ਗਿਆ।’’ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੇ ਦੋ ਵਾਹਨਾਂ ਨੂੰ ਕਬਜ਼ੇ ’ਚ ਲਿਆ ਗਿਆ ਹੈ। ਜਲੰਧਰ ਪੁਲੀਸ ਕਮਿਸ਼ਨਰ ਨੇ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਨਾਲ ਜਲੰਧਰ ’ਚ ਫਲੈਗ ਮਾਰਚ ਕੀਤਾ ਅਤੇ ਕਿਹਾ ਕਿ ਕਿਸੇ ਨੂੰ ਵੀ ਖ਼ਿੱਤੇ ਦੀ ਅਮਨ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ। ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਸਤਿੰਦਰ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਰਮਜ਼ ਐਕਟ ਤਹਿਤ ਬੀਤੀ ਰਾਤ ਐੱਫਆਈਆਰ ਦਰਜ ਕੀਤੀ ਗਈ ਹੈ ਜਿਸ ’ਚ ਅੰਮ੍ਰਿਤਪਾਲ ਵੀ ਮੁੱਖ ਮੁਲਜ਼ਮ ਹੈ ਅਤੇ ਇਸੇ ਐੱਫਆਈਆਰ ’ਚ ਸੱਤ ਸਮਰਥਕਾਂ ਦੇ ਨਾਮ ਵੀ ਦਰਜ ਹਨ। ਜਲੰਧਰ ਦੇ ਮਹਿਤਪੁਰ ਨੇੜਿਉਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਜੈਪਾਲ, ਗੁਰਵੀਰ ਸਿੰਘ, ਬਲਜਿੰਦਰ ਸਿੰਘ, ਹਰਮਿੰਦਰ ਸਿੰਘ, ਗੁਰਲਾਲ ਸਿੰਘ, ਸੁਵਰੀਤ ਸਿੰਘ ਅਤੇ ਅਮਨਦੀਪ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੇ ਕਬਜ਼ੇ ’ਚੋਂ 12 ਬੋਰ ਦੀਆਂ ਛੇ ਬੰਦੂਕਾਂ ਅਤੇ 193 ਕਾਰਤੂਸ ਬਰਾਮਦ ਕੀਤੇ ਗਏ ਹਨ। ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਦਾ ਪੁਲੀਸ ਰਿਮਾਂਡ ਲੈਣ ਲਈ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਐੱਸਐੱਸਪੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਜੱਦੀ ਘਰ ਦੀ ਵੀ ਤਲਾਸ਼ੀ ਲਈ ਗਈ ਹੈ ਜਿਥੇ ਦੋ ਐੱਮਯੂਵੀਜ਼ ਬਰਾਮਦ ਕੀਤੀਆਂ ਗਈਆਂ ਹਨ। ਰਿਪੋਰਟਾਂ ਮੁਤਾਬਕ ਪਰਵਾਸੀ ਸਿੱਖ ਨਿਊਯਾਰਕ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਗੇ।
ਅੰਮ੍ਰਿਤਪਾਲ ਨੂੰ ਪੇਸ਼ ਕਰਨ ਬਾਰੇ ਹਾਈ ਕੋਰਟ ਵਿੱਚ ਪਟੀਸ਼ਨ
ਇਕ ‘ਹੈਬੀਅਸ ਕਾਰਪਸ’ ਪਟੀਸ਼ਨ ਦੇ ਅਧਾਰ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਤੇ ਇਸ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿਚ ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਜਲੰਧਰ ਦੇ ਪੁਲੀਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਹਿਰਾਸਤ ਵਿਚ ਲਏ ਗਏ ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਜਾਣ ਤਾਂ ਕਿ ਨਿਆਂ ਯਕੀਨੀ ਬਣਾਇਆ ਜਾ ਸਕੇ। ਜਸਟਿਸ ਐੱਨ.ਐੱਸ. ਸ਼ੇਖਾਵਤ ਨੇ ਕੇਸ ਦੀ ਅਗਲੀ ਸੁਣਵਾਈ ਮੰਗਲਵਾਰ ਲਈ ਤੈਅ ਕੀਤੀ ਹੈ। ਪਟੀਸ਼ਨਕਰਤਾ ਇਮਾਨ ਸਿੰਘ ਖਾਰਾ ਨੇ ਦੋਸ਼ ਲਾਇਆ ਹੈ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲੀਸ ਕਮਿਸ਼ਨਰ ਨੇ ਗੈਰਕਾਨੂੰਨੀ ਢੰਗ ਨਾਲ ਜਬਰੀ ਹਿਰਾਸਤ ਵਿਚ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹੋਰਾਂ ਨੂੰ ਵੀ ਬਿਨਾਂ ਕਿਸੇ ਕਾਨੂੰਨੀ ਕਾਰਵਾਈ ਹਿਰਾਸਤ ਵਿਚ ਰੱਖਿਆ ਗਿਆ ਹੈ।
ਹਾਈ ਕੋਰਟ ਤੋਂ ਮੰਗ ਕੀਤੀ ਗਈ ਹੈ ਕਿ ਵਾਰੰਟ ਅਫ਼ਸਰ ਨੂੰ ‘ਮੌਕੇ’ ਉਤੇ ਭੇਜਿਆ ਜਾਵੇ। ਪਟੀਸ਼ਨਕਰਤਾ ਨੇ ਕਿਹਾ, ‘ਜੇਕਰ ਉਹ ਅਧਿਕਾਰੀਆਂ ਵੱਲੋਂ ਗ਼ੈਰਕਾਨੂੰਨੀ ਢੰਗ ਨਾਲ ਹਿਰਾਸਤ ਵਿਚ ਰੱਖੇ ਮਿਲਦੇ ਹਨ, ਤਾਂ ਉਨ੍ਹਾਂ ਨੂੰ ਤੁਰੰਤ ਆਜ਼ਾਦ ਕਰਨਾ ਯਕੀਨੀ ਬਣਾਇਆ ਜਾਵੇ।’ ਇਮਾਨ ਸਿੰਘ ਨੇ ਨਾਲ ਹੀ ਬੈਂਚ ਨੂੰ ਦੱਸਿਆ ਕਿ ਉਹ ‘ਵਾਰਿਸ ਪੰਜਾਬ ਦੇ’ ਜਥੇਬੰਦੀ ਅਤੇ ਅੰਮ੍ਰਿਤਪਾਲ ਸਿੰਘ ਦੇ ਕਾਨੂੰਨੀ ਸਲਾਹਕਾਰ ਹਨ।
ਪਟੀਸ਼ਨਕਰਤਾ ਨੇ ਵਕੀਲ ਜੱਜਪ੍ਰੀਤ ਸਿੰਘ ਵੜਿੰਗ ਰਾਹੀਂ ਦਾਇਰ ਪਟੀਸ਼ਨ ਵਿਚ ਕਿਹਾ ਹੈ ਕਿ ਅਧਿਕਾਰੀਆਂ ਨੇ ਕੇਂਦਰੀ ਨੀਮ ਫ਼ੌਜੀ ਬਲਾਂ ਦੇ ਨਾਲ ਅੰਮ੍ਰਿਤਪਾਲ ਸਿੰਘ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਤੋਂ ਬਿਨਾਂ ਕੋਈ ਕਾਰਨ ਦੱਸੇ 18 ਮਾਰਚ ਨੂੰ ਗੈਰਕਾਨੂੰਨੀ ਢੰਗ ਨਾਲ ਜਬਰੀ ਹਿਰਾਸਤ ਵਿਚ ਲਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਕ, ਅਧਿਕਾਰੀਆਂ ਵੱਲੋਂ ਕਾਰਨ ਦੱਸਿਆ ਜਾਣਾ ਜ਼ਰੂਰੀ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਕਥਿਤ ਹਿਰਾਸਤ ਵਿਚ ਲਏ ਗਏ ਵਿਅਕਤੀ ਬਾਰੇ ਪਰਿਵਾਰ ਨੂੰ ਵੀ ਜਾਣਬੁੱਝ ਕੇ ਕੁਝ ਨਹੀਂ ਦੱਸਿਆ ਜਾ ਰਿਹਾ ਹੈ, ਜਦਕਿ 24 ਘੰਟਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਅਜਿਹੇ ਹਾਲਾਤਾਂ ਵਿਚ ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਖ਼ਤਰਾ ਹੋਣ ਦਾ ਕਾਫ਼ੀ ਖ਼ਦਸ਼ਾ ਹੈ।
ਖਾੜਕੂਆਂ ਨੂੰ ਤਿਆਰ ਕਰ ਰਿਹਾ ਸੀ ਅੰਮ੍ਰਿਤਪਾਲ: ਖ਼ੁਫ਼ੀਆ ਰਿਪੋਰਟ
ਸੁਰੱਖਿਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਤਿਆਰ ਮਿਸਲ ’ਚ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਨਸ਼ਾ ਛੁਡਾਊ ਕੇਂਦਰਾਂ ਅਤੇ ਇਕ ਗੁਰਦੁਆਰੇ ਨੂੰ ਹਥਿਆਰ ਰੱਖਣ ਤੇ ਨੌਜਵਾਨਾਂ ਨੂੰ ਫਿਦਾਈਨ ਹਮਲਿਆਂ ਵਾਸਤੇ ਤਿਆਰ ਕਰ ਰਿਹਾ ਸੀ। ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਖਾੜਕੂ ਜਾਂ ਮਨੁੱਖੀ ਬੰਬ ਬਣਨ ਲਈ ਭੜਕਾਅ ਰਿਹਾ ਸੀ। ਅਧਿਕਾਰੀਆਂ ਮੁਤਾਬਕ ਪਾਕਿਸਤਾਨ ਅੰਮ੍ਰਿਤਪਾਲ ਵਰਗੇ ਵਿਅਕਤੀਆਂ ਦੀ ਸਹਾਇਤਾ ਨਾਲ ਭਾਰਤ ਅੰਦਰ ਹਾਲਾਤ ਵਿਗਾੜਨ ਦੀ ਕੋਸ਼ਿਸ਼ ’ਚ ਹੈ ਤਾਂ ਜੋ ਆਪਣੇ ਲੋਕਾਂ ਦਾ ਮੰਦੇ ਹਾਲਤ ਤੋਂ ਧਿਆਨ ਵੰਡਾਇਆ ਜਾ ਸਕੇ। ਅਧਿਕਾਰੀਆਂ ਨੇ ਕਿਹਾ ਕਿ ਕਈ ਹਥਿਆਰਾਂ ਤੇ ਗੋਲੀ-ਸਿੱਕੇ ’ਤੇ ਆਨੰਦਪੁਰ ਖਾਲਸਾ ਫਰੰਟ ਲਿਖਿਆ ਹੋਇਆ ਸੀ।
ਅਜਨਾਲਾ ਘਟਨਾ: ਸੱਤ ਜਣਿਆਂ ਦਾ 23 ਤੱਕ ਪੁਲੀਸ ਰਿਮਾਂਡ
ਅਜਨਾਲਾ ਥਾਣੇ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੱਤ ਜਣਿਆਂ ਨੂੰ 23 ਮਾਰਚ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਪੁਲੀਸ ਨੇ ਦਿੱਤੀ ਹੈ। ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਵੱਲੋਂ ਪਿਛਲੇ ਮਹੀਨੇ ਆਪਣੇ ਸਾਥੀ ਲਵਪ੍ਰੀਤ ਸਿੰਘ ਨੂੰ ਛੁਡਵਾਉਣ ਲਈ ਅਜਨਾਲਾ ਥਾਣੇ ’ਤੇ ਤਲਵਾਰਾਂ ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਪੁਲੀਸ ਨੇ ਬੀਤੀ ਰਾਤ ਇਸ ਸਬੰਧੀ ਅਸਲ ਐਕਟ ਦੀਆਂ ਧਾਰਾਵਾਂ ਤਹਿਤ ਨਵਾਂ ਕੇਸ ਦਰਜ ਕੀਤਾ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਬਿਆਸ ਦੇ ਐੱਸਪੀ (ਅੰਮ੍ਰਿਤਸਰ ਦਿਹਾਤੀ) ਜੁਗਰਾਜ ਸਿੰਘ ਨੇ ਦੱਸਿਆ ਕਿ ਅਜਨਾਲਾ ਮਾਮਲੇ ਵਿੱਚ ਗ੍ਰਿਫ਼ਤਾਰ ਸੱਤ ਜਣਿਆਂ ਨੂੰ ਅੱਜ ਸਵੇਰੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਉਨ੍ਹਾਂ ਨੂੰ 23 ਮਾਰਚ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ (ਦਿਹਾਤੀ) ਦੇ ਐੱਸਐੱਸਪੀ ਸਤਿੰਦਰ ਸਿੰਘ ਨੇ ਕਿਹਾ ਸੀ ਕਿ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਗ਼ੈਰਕਾਨੂੰਨੀ ਤੌਰ ’ਤੇ ਹਥਿਆਰ ਰੱਖਣ ਦੇ ਦੋਸ਼ ਹੇਠ ਅਸਲ ਐਕਟ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ, ‘‘ਅਸੀਂ ਬੀਤੀ ਰਾਤ ਅਸਲਾ ਐਕਟ ਤਹਿਤ ਤਾਜ਼ਾ ਐੱਫਆਈਆਰ ਦਰਜ ਕੀਤੀ ਹੈ, ਜਿਸ ਵਿੱਚ ਅੰਮ੍ਰਿਤਪਾਲ ਮੁੱਖ ਮੁਲਜ਼ਮ ਹੈ। ਸਾਰੇ ਸੱਤ ਜਣੇ ਵੀ ਇਸ ਨਵੇਂ ਕੇਸ ਵਿੱਚ ਮੁਲਜ਼ਮ ਹਨ।’ ਉਨ੍ਹਾਂ ਕਿਹਾ ਕਿ ਇਨ੍ਹਾਂ ਕੋਲੋਂ ਛੇ 12 ਬੋਰ ਦੇ ਹਥਿਆਰ ਬਰਾਮਦ ਹੋਏ ਹਨ, ਜੋ ਗ਼ੈਰਕਾਨੂੰਨੀ ਸਨ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਪੁਲੀਸ ਨੇ ਇਸ ਤੋਂ ਪਹਿਲਾਂ ਅਜਨਾਲਾ ਮਾਮਲੇ ਸਬੰਧੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ 23 ਫਰਵਰੀ ਨੂੰ ਕੇਸ ਦਰਜ ਕੀਤਾ ਸੀ। ਹਾਲਾਂਕਿ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲੀਸ ਅੱਜ ਦੂਜੇ ਦਿਨ ਵੀ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਸੁਨੀਲ ਜਾਖੜ ਨੇ ਕਾਰਵਾਈ ’ਤੇ ਸਵਾਲ ਚੁੱਕੇ
ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਸੁਨੀਲ ਜਾਖੜ ਨੇ ਅੱਜ ਪੰਜਾਬ ਸਰਕਾਰ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਿਰੁੱਧ ਕੀਤੀ ਜਾ ਰਹੀ ਕਾਰਵਾਈ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਜੀ-20 ਚੱਲ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਦੇਸ਼ਾਂ ਤੋਂ ਡੈਲੀਗੇਟ ਪਹੁੰਚੇ ਹੋਏ ਹਨ। ਇਸ ਸਮੇਂ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਕਰਨਾ ਗਲਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚੋਂ ਹੋਈ ਇੰਟਰਵਿਊ ਤੋਂ ਬਚਣ ਅਤੇ ਸਿੱਧੂ ਮੂਸੇਵਾਲਾ ਦੀ ਬਰਸੀ ਦੇ ਸਮਾਗਮ ਦੇ ਮੱਦੇਨਜ਼ਰ ਅੰਮ੍ਰਿਤਪਾਲ ਨੂੰ ਫੜਨ ’ਤੇ ਲੱਗੀ ਹੋਈ ਹੈ ਤਾਂ ਜੋ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ।
ਗ੍ਰਿਫ਼ਤਾਰੀ ਬਾਰੇ ਭੰਬਲਭੂਸਾ
ਦੇਰ ਰਾਤ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਉਸ ਵੇਲੇ ਭੰਬਲਭੂਸਾ ਪੈ ਗਿਆ ਜਦੋਂ ਇੱਕ ਟੀਵੀ ਚੈਨਲ ਨੇ ਉਸ ਦੀ ਗ੍ਰਿਫ਼ਤਾਰੀ ਦੀ ਖ਼ਬਰ ਚਲਾ ਦਿੱਤੀ। ਹਾਲਾਂਕਿ ਬਹੁਤ ਘੱਟ ਸਮੇਂ ਵਿੱਚ ਹੀ ਇਹ ਖ਼ਬਰ ਹਟਾ ਕੇ ਕੁੱਝ ਹੋਰ ਖ਼ਬਰਾਂ ਨੂੰ ਚਲਾਇਆ ਜਾਣ ਲੱਗ ਪਿਆ। ਇਸੇ ਦੌਰਾਨ ਜਦੋਂ ਚੰਡੀਗੜ੍ਹ ਤੇ ਜਲੰਧਰ ਵਿੱਚ ਬੈਠੇ ਪੰਜਾਬ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਕੋਈ ਪੁਸ਼ਟੀ ਨਹੀਂ ਕੀਤੀ।
ਅੰਮ੍ਰਿਤਪਾਲ ਸਿੰਘ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ: ਡੀਆਈਜੀ
ਜਲੰਧਰ (ਪਾਲ ਸਿੰਘ ਨੌਲੀ):ਜਲੰਧਰ ਰੇਂਜ ਦੇ ਡੀਆਈਜੀ ਸਵਪਨ ਸ਼ਰਮਾ ਨੇ ਦਾਅਵਾ ਕੀਤਾ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਟੀਵੀ ਚੈਨਲ ਨਾਲ ਗੱਲਬਾਤ ਦੌਰਾਨ ਸਵਪਨ ਸ਼ਰਮਾ ਨੇ ਖੁਲਾਸਾ ਕੀਤਾ ਕਿ ਅੰਮ੍ਰਿਤਪਾਲ ਨੂੰ ਫੜਨ ਲਈ ਸ਼ਨਿਚਰਵਾਰ ਨੂੰ ਦੋ ਟੀਮਾਂ ਬਣਾਈਆ ਗਈਆਂ ਸਨ। ਉਨ੍ਹਾਂ ਦੱਸਿਆ ਕਿ 16-17 ਕਿਲੋਮੀਟਰ ਤੱਕ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਦਾ ਪਿੱਛਾ ਵੀ ਕੀਤਾ ਸੀ। ਉਹ ਭੀੜ ਦਾ ਫਾਇਦਾ ਉਠਾ ਕੇ ਫਰਾਰ ਹੋ ਗਿਆ। ਉਨ੍ਹਾਂ ਨੂੰ ਗੋਲੀ ਨਾ ਚਲਾਉਣ ਦੀਆਂ ਹਦਾਇਤਾਂ ਸਨ।
ਹਿਮਾਚਲ ਪੁਲੀਸ ਨੇ ਸਰਹੱਦ ’ਤੇ ਚੌਕਸੀ ਵਧਾਈ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਿਰੁੱਧ ਚੱਲ ਰਹੀਆਂ ਗਤੀਵੀਧੀਆਂ ਦੇ ਚਲਦਿਆਂ ਹਿਮਾਚਲ ਪ੍ਰਦੇਸ਼ ਪੁਲੀਸ ਨੇ ਪੰਜਾਬ-ਹਿਮਾਚਲ ਪ੍ਰਦੇਸ਼ ਦੀ ਸਰਹੱਦ ’ਤੇ ਚੌਕਸੀ ਵਧਾ ਦਿੱਤੀ ਹੈ। ਇਸ ਬਾਰੇ ਊਨਾ ਦੇ ਪੁਲੀਸ ਅਧਿਕਾਰੀ ਅਰਿਜੀਤ ਸੇਨ ਠਾਕੁਰ ਨੇ ਕਿਹਾ ਕਿ ਨੰਗਲ ਤੇ ਗਗਰੇਟ ਨਾਲ ਲਗਦੇ ਹਰੇਕ ਚੈੱਕ ਪੋਸਟ ’ਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲੀਸ ਨੇ ਮਹਿਤਪੁਰ ਨੇੜੇ ਕਈ ਥਾਵਾਂ ’ਤੇ ਬੈਕੀਕੇਡ ਲਗਾ ਕੇ ਵੱਡੀ ਗਿਣਤੀ ਵਿੱਚ ਜਵਾਨ ਤਾਇਨਾਤ ਕਰ ਦਿੱਤੇ ਹਨ। ਸ੍ਰੀ ਠਾਕੁਰ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇਲਾਕੇ ਵਿੱਚ ਕੋਈ ਵੀ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਜਾਵੇ।
With Thanks Reference to: https://www.punjabitribuneonline.com/news/punjab/amritpal-declared-a-fugitive-four-supporters-locked-up-in-dibrugarh-jail-219115