ਆਪ’ ਸਰਕਾਰ ਵੱਲੋਂ ਵਜ਼ੀਫਾ ਘੁਟਾਲੇ ਦੀ ਜਾਂਚ ਦੇ ਹੁਕਮ

768-512-15812059-49-15812059-1657706757564

ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸੀ ਹਕੂਮਤਾਂ ਦੌਰਾਨ ਚਰਚਾ ’ਚ ਆਏ ਵਜ਼ੀਫਾ ਘੁਟਾਲੇ ਦੀ ਜਾਂਚ ਲਈ ‘ਆਪ’ ਸਰਕਾਰ ਹਰਕਤ ਵਿੱਚ ਆ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘੁਟਾਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਸਾਧੂ ਸਿੰਘ ਧਰਮਸੋਤ ’ਤੇ ਵਜ਼ੀਫਾ ਘੁਟਾਲੇ ਵਿੱਚ ਸ਼ਮੂਲੀਅਤ ਦੇ ਤੱਥ ਇਕ ਆਈਏਐੱਸ ਅਧਿਕਾਰੀ ਵੱਲੋਂ ਸਾਹਮਣੇ ਰੱਖੇ ਗਏ ਸਨ ਪਰ ਸਰਕਾਰ ਨੇ ਉਨ੍ਹਾਂ ਨੂੰ ਕਲੀਨ ਚਿਟ ਦੇ ਦਿੱਤੀ ਸੀ। ਹੁਣ ਸਰਕਾਰ ਦੇ ਇਸ ਫੈਸਲੇ ਨਾਲ ਨਿੱਜੀ ਖੇਤਰ ਦੀਆਂ ਕਈ ਵਿਦਿਅਕ ਸੰਸਥਾਵਾਂ ਵੀ ਘਿਰ ਸਕਦੀਆਂ ਹਨ। ਰੋਚਕ ਤੱਥ ਇਹ ਹੈ ਕਿ ਕਈ ਵਿਦਿਅਕ ਸੰਸਥਾਵਾਂ ਦੇ ਮਾਲਕ ਮੌਜੂਦਾ ਹਾਕਮਾਂ ਦੇ ਕਰੀਬੀ ਮੰਨੇ ਜਾਂਦੇ ਹਨ। ਪੰਜਾਬ ਦੇ ਵਿੱਤ ਵਿਭਾਗ ਵੱਲੋਂ ਕੀਤੀ ਆਡਿਟ ਦੌਰਾਨ ਵੀ ਨਿੱਜੀ ਖੇਤਰ ਦੀਆਂ ਵੱਡੀਆਂ ਵਿਦਿਅਕ ਸੰਸਥਾਵਾਂ ਅਤੇ ਨਿੱਜੀ ਖੇਤਰ ਦੀਆਂ ਯੂਨੀਵਰਸਿਟੀਆਂ ਵੱਲੋਂ ਵਜ਼ੀਫਾ ਰਾਸ਼ੀ ਹਾਸਲ ਕਰਨ ਲਈ ਬੇਨਿਯਮੀਆਂ ਦੇ ਤੱਥ ਸਾਹਮਣੇ ਆਏ ਸਨ। ਕਾਂਗਰਸ ਸਰਕਾਰ ਨੇ ਆਡਿਟ ਰਿਪੋਰਟਾਂ ’ਤੇ ਕਾਰਵਾਈ ਕਰਨ ਨੂੰ ਵੀ ਨਜ਼ਅੰਦਾਜ਼ ਕਰ ਦਿੱਤਾ ਸੀ। ਕੇਂਦਰ ਸਰਕਾਰ ਦੀਆਂ ਯੋਜਨਾਵਾਂ ਤਹਿਤ ਅਨੁਸੂਚਿਤ ਜਾਤੀ, ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ ਅਤੇ ਘੱਟ ਗਿਣਤੀ ਪਰਿਵਾਰਾਂ ਦੇ ਬੱਚਿਆਂ ਨੂੰ ਦਸਵੀਂ ਦੀ ਪੜ੍ਹਾਈ ਤੋਂ ਬਾਅਦ ਉਚੇਰੀ ਸਿੱਖਿਆ ਲਈ ਵਜ਼ੀਫਾ ਰਾਸ਼ੀ ਦਿੱਤੀ ਜਾਂਦੀ ਸੀ। ਇਹ ਘਪਲਾ ਤਕਰੀਬਨ 350 ਕਰੋੜ ਰੁਪਏ ਦਾ ਮੰਨਿਆ ਜਾਂਦਾ ਹੈ। ਇਸ ਮਾਮਲੇ ਦੀ ਜਾਂਚ ਵਿਜੀਲੈਂਸ ਹਵਾਲੇ ਕਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਕਾਂਗਰਸ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ 700 ਕਰੋੜ ਰੁਪਏ ਸਾਲਾਨਾ ਇਸ ਯੋਜਨਾ ਤਹਿਤ ਪੰਜਾਬ ਸਰਕਾਰ ਨੂੰ ਰਾਸ਼ੀ ਦਿੱਤੀ ਜਾਂਦੀ ਸੀ। ਹੁਣ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਇਸ ਯੋਜਨਾ ਤਹਿਤ 60 ਫੀਸਦੀ ਰਾਸ਼ੀ ਕੇਂਦਰ ਅਤੇ 40 ਫੀਸਦੀ ਰਾਜਾਂ ਵੱਲੋਂ ਦਿੱਤੇ ਜਾਣ ਦੀ ਵਿਵਸਥਾ ਕੀਤੀ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜੀਫਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ ਹਨ। ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫੰਡਾਂ ‘ਚ ਗੜਬੜੀ ਵਿਖਾਈ ਦਿੱਤੀ ਹੈ। ਇਸ ਸਬੰਧੀ ਜਾਂਚ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਮਾਨ ਦਾ ਕਹਿਣਾ ਕਿ ਸਾਡੇ SC ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲਿਆਂ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।

ਪਹਿਲਾਂ ਹੀ ਜੇਲ੍ਹ ‘ਚ ਨੇ ਧਰਮਸੋਤ: ਸਾਧੂ ਸਿੰਘ ਧਰਮਸੋਤ ਇਸ ਸਮੇਂ ਜੇਲ੍ਹ ਵਿੱਚ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਉਨ੍ਹਾਂ ਨੂੰ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਫੜਿਆ ਹੈ। ਧਰਮਸੋਤ ‘ਤੇ ਰੁੱਖਾਂ ਦੀ ਕਟਾਈ ਅਤੇ ਲਾਉਣ ਲਈ ਕਮਿਸ਼ਨ ਲੈਣ ਦਾ ਦੋਸ਼ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਮੰਤਰੀ ਕਾਲ ‘ਚ ਜੰਗਲਾਤ ਵਿਭਾਗ ‘ਚ ਵੀ ਵੱਡੇ ਘਪਲੇ ਹੋਏ ਸਨ।

With Thanks Refrence to: etvbharat(https://www.etvbharat.com/punjabi/punjab/city/chandigarh-1/mann-government-is-preparing-for-a-major-action-in-the-scholarship-scam/pb20220713154101439439418)punjabitribuneonline(https://www.punjabitribuneonline.com/news/punjab/aap-orders-probe-into-scholarship-scam-165056)

Spread the love