ਸੁਪਰੀਮ ਕੋਰਟ ਦਾ ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਉਮਰ ਕੈਦ ’ਚ ਬਦਲਣ ਤੋਂ ਇਨਕਾਰ
ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸਮਰੱਥ ਅਥਾਰਟੀ ਫੈਸਲਾ ਕਰੇਗੀ।
ਕੇਂਦਰੀ ਗ੍ਰਹਿ ਮੰਤਰਾਲੇ ਨੂੰ ਜਲਦ ਫੈਸਲਾ ਲੈਣ ਦੇ ਹੁਕਮ
ਮਿਲੀ ਜਾਣਕਾਰੀ ਮੁਤਾਬਿਕ ਸੁਪਰੀਮ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੀ ਨੂੰ ਜਲਦ ਫੈਸਲਾ ਲੈਣ ਦੇ ਹੁਕਮ ਵੀ ਦਿੱਤੇ ਹਨ। ਦੱਸ ਦਈਏ ਕਿ ਸਾਲ 2012 ਤੋਂ ਕੇਂਦਰ ਸਰਕਾਰ ਕੋਲ ਰਾਜੋਆਣਾ ਦੀ ਰਹਿਮ ਦੀ ਅਪੀਲ ਪੈਂਡਿੰਗ ਪਈ ਹੈ। ਬੇਅੰਤ ਸਿੰਘ ਕਤਲ ਮਾਮਲੇ ’ਚ ਸਾਲ 2007 ਜੁਲਾਈ ਚ ਕੋਰਟ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ।
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲੀ ਰਾਹਤ
ਦੱਸ ਦਈਏ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਲੰਬੇ ਸਮੇਂ ਤੋਂ ਜੇਲ੍ਹ ਵਿਚ ਹਨ ਪਰ ਇਸ ਵਾਰ ਵੀ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਕਿਸੇ ਪ੍ਰਕਾਰ ਦੀ ਰਾਹਤ ਨਹੀਂ ਮਿਲੀ ਹੈ।
ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੀ ਸੁਰੱਖਿਅਤ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਬਲਵੰਤ ਸਿੰਘ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਵੱਲੋਂ ਸੁਣਵਾਈ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ, ਮਾਮਲੇ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਰਾਜੋਆਣਾ ਦੀ ਭੈਣ ਨੇ ਜਤਾਈ ਨਾਰਾਜ਼ਗੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੇ ਨਾਰਾਜ਼ਗੀ ਜਤਾਉਂਦੇ ਹੋਏ ਕਿਹਾ ਕਿ 28 ਸਾਲ ਬਾਅਦ ਵੀ ਫੈਸਲਾ ਨਹੀਂ ਹੋਣਾ ਇਹ ਬੜੀ ਬੇਇਨਸਾਫੀ ਅਤੇ ਮੰਦਭਾਗੀ ਗੱਲ ਹੈ। ਲੰਬੇ ਸਮੇਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਾਂ ਪਰ ਫਿਰ ਵੀ ਹਾਲੇ ਤੱਕ ਇਨਸਾਫ ਨਾ ਮਿਲਣਾ ਇਹ ਸਿੱਖਾਂ ਲਈ ਇਨਸਾਫ਼ ਨਹੀਂ ਹੈ।
ਮੌਤ ਦੀ ਸਜ਼ਾ ਉਮਰਕੈਦ ’ਚ ਤਬਦੀਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਪਿਛਲੇ 25 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਸੁਣਵਾਈ ਕਰ ਰਹੀ ਸੀ। ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ 2019 ਵਿਚ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਅਤੇ 8 ਹੋਰ ਦੋਸ਼ੀਆਂ ਨੂੰ ਸਜ਼ਾ ਮੁਆਫ ਕਰਨ ਦੇ ਫੈਸਲੇ ਦਾ ਐਲਾਨ ਕੀਤਾ ਸੀ।
With Thanks Reference to: https://www.punjabitribuneonline.com/news/punjab/supreme-court39s-refusal-to-convert-rajoana39s-death-sentence-to-life-imprisonment-228139