Lok Sabha Election 2024: AAP ਪੰਜਾਬ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ; ਜਾਣੋ ਕੌਣ ਕਿਥੋਂ ਲੜੇਗਾ

Lok Sabha Election 2024:

Lok Sabha Election 2024: ਲੋਕ ਸਭਾ ਚੋਣਾਂ ਦੇ ਚਲਦਿਆਂ ਆਮ ਆਦਮੀ ਪਾਰਟੀ ਪੰਜਾਬ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿਤੀ ਗਈ ਹੈ।

Lok Sabha Election 2024: ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਨੇ 13 ਲੋਕ ਸਭਾ ਸੀਟਾਂ ਲਈ 8 ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ਆਮ ਆਦਮੀ ਪਾਰਟੀ ਨੇ 5 ਮੰਤਰੀਆਂ ਨੂੰ ਉਮੀਦਵਾਰ ਬਣਾਇਆ ਹੈ।

ਇਸ ਵਿਚ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਹੇਅਰ ਅਤੇ  ਪਟਿਆਲਾ ਤੋਂ ਮੰਤਰੀ ਡਾ. ਬਲਬੀਰ ਸਿੰਘ ਨੂੰ ਟਿਕਟ ਦਿਤੀ ਗਈ ਹੈ।

Photo

ਜਲੰਧਰ ਲੋਕ ਸਭਾ ਹਲਕਾ

‘ਆਪ’ ਨੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ‘ਤੇ ਮੁੜ ਭਰੋਸਾ ਜਤਾਇਆ ਹੈ। ਉਹ ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਹਨ। ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਦਿਹਾਂਤ ਤੋਂ ਬਾਅਦ ਰਿੰਕੂ ਨੇ ਕਾਂਗਰਸ ਛੱਡ ਕੇ ‘ਆਪ’ ਤੋਂ ਜ਼ਿਮਨੀ ਚੋਣ ਲੜੀ ਸੀ ਅਤੇ ਜਿੱਤੇ ਸਨ। 2019 ਦੀਆਂ ਲੋਕ ਸਭਾ ਚੋਣਾਂ ਵਿਚ ਇਸ ਸੀਟ ਤੋਂ ਪਾਰਟੀ ਨੇ ਸੇਵਾਮੁਕਤ ਜਸਟਿਸ ਜੋਰਾ ਸਿੰਘ ਨੂੰ ਉਮੀਦਵਾਰ ਐਲਾਨਿਆ ਸੀ, ਹਾਲਾਂਕਿ ਉਹ ਚੋਣ ਹਾਰ ਗਏ ਸਨ।

ਸੁਸ਼ੀਲ ਰਿੰਕੂ ਨੇ ਅਪਣੀ ਗ੍ਰੈਜੂਏਸ਼ਨ ਸਥਾਨਕ ਡੀਏਵੀ ਕਾਲਜ ਤੋਂ ਕੀਤੀ। 48 ਸਾਲਾ ਰਿੰਕੂ ਅਪਣੇ ਵਿਦਿਆਰਥੀ ਜੀਵਨ ਤੋਂ ਹੀ ਰਾਜਨੀਤੀ ਵਿਚ ਕਾਫ਼ੀ ਸਰਗਰਮ ਹਨ। ਉਹ ਐੱਨਐੱਸਯੂਆਈ ਦੇ ਸਰਗਰਮ ਮੈਂਬਰ ਸਨ। 2006 ਵਿਚ ਉਹ ਜਲੰਧਰ ਨਗਰ ਨਿਗਮ ਦੇ ਕੌਂਸਲਰ ਚੁਣੇ ਗਏ ਸਨ। ਸੁਸ਼ੀਲ ਰਿੰਕੂ ਦੇ ਪਿਤਾ ਲੰਬੇ ਸਮੇਂ ਤਕ ਕਾਂਗਰਸ ਦੇ ਕੌਂਸਲਰ ਰਹੇ ਸਨ। ਉਸ ਤੋਂ ਬਾਅਦ ਸੁਸ਼ੀਲ ਰਿੰਕੂ ਵੀ ਦੋ ਵਾਰ ਕੌਂਸਲਰ ਰਹੇ ਤੇ ਇਕ ਵਾਰ ਉਨ੍ਹਾਂ ਦੀ ਪਤਨੀ ਵੀ ਕੌਂਸਲਰ ਰਹੀ।

Photo

ਫਤਹਿਗੜ੍ਹ ਸਾਹਿਬ ਹਲਕਾ

ਫ਼ਤਹਿਗੜ੍ਹ ਸਾਹਿਬ ਤੋਂ ਕੁੱਝ ਦਿਨ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਜੀਪੀ ਨੂੰ ਟਿਕਟ ਦਿਤੀ ਗਈ ਹੈ। ਉਨ੍ਹਾਂ ਨੇ ਕਾਂਗਰਸ ‘ਚ ਅਨੁਸ਼ਾਸਨ ਦੀ ਕਮੀ ਅਤੇ ਭਾਈ-ਭਤੀਜਾਵਾਦ ਦਾ ਦੋਸ਼ ਲਗਾਉਂਦੇ ਹੋਏ ਪਾਰਟੀ ਬਦਲ ਦਿਤੀ ਸੀ। ਉਸ ਸਮੇਂ ਤੋਂ ਹੀ ਉਨ੍ਹਾਂ ਨੂੰ ਟਿਕਟ ਮਿਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਸੀ। 2019 ਤੋਂ ਇਸ ਸੀਟ ਤੋਂ ਪਾਰਟੀ ਨੇ ਬਨਦੀਪ ਸਿੰਘ ਦੂਲੋ ਨੂੰ ਚੋਣ ਮੈਦਾਨ ਵਿਚ ਉਤਾਰਿਆ ਸੀ, ਉਹ ਵੀ ਚੋਣ ਹਾਰ ਗਏ ਸਨ।

Photo

ਫਰੀਦਕੋਟ ਤੋਂ ਕਰਮਜੀਤ ਅਨਮੋਲ ਖੇਡਣਗੇ ਸਿਆਸੀ ਪਾਰੀ

ਫਰੀਦਕੋਟ ਤੋਂ ਸੱਭ ਤੋਂ ਦਿਲਚਸਪ ਉਮੀਦਵਾਰ ਕਰਮਜੀਤ ਅਨਮੋਲ ਹਨ। ਅਨਮੋਲ ਇਕ ਪੰਜਾਬੀ ਅਭਿਨੇਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ। ਪਹਿਲਾਂ ਚਰਚਾ ਸੀ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪੁਰਾਣੀ ਲੋਕ ਸਭਾ ਸੀਟ ਸੰਗਰੂਰ ਤੋਂ ਉਮੀਦਵਾਰ ਬਣਾਇਆ ਜਾਵੇਗਾ। ਅਜਿਹਾ ਇਸ ਲਈ ਕਿਉਂਕਿ ਇਹ ਸੀਟ ‘ਆਪ’ ਲਈ ਸੁਰੱਖਿਅਤ ਮੰਨੀ ਜਾਂਦੀ ਹੈ। ਹਾਲਾਂਕਿ ਉਨ੍ਹਾਂ ਨੂੰ ਫਰੀਦਕੋਟ ਤੋਂ ਟਿਕਟ ਦਿਤੀ ਗਈ ਹੈ।
2019 ਵਿਚ ਫਰੀਦਕੋਟ ਤੋਂ ਪ੍ਰੋ. ਸਾਧੂ ਸਿੰਘ ਪਾਰਟੀ ਦੇ ਉਮੀਦਵਾਰ ਸਨ।

Photo

ਸੰਗਰੂਰ ਹਲਕਾ

ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਸੰਗਰੂਰ ਹਲਕੇ ਨੂੰ ਆਮ ਆਦਮੀ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਹੈ। ਪਿਛਲੀਆਂ ਲੋਕ ਸਭਾ ਚੋਣਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੋਂ ਚੋਣ ਜਿਤੀ ਸੀ ਅਤੇ ਮੁੱਖ ਮੰਤਰੀ ਬਣਨ ਮਗਰੋਂ ਸੰਗਰੂਰ ਹਲਕੇ ਵਿਚ ਜ਼ਿਮਨੀ ਚੋਣ ਹੋਈ ਸੀ, ਜਿਸ ’ਚ ਸਿਮਰਨਜੀਤ ਸਿੰਘ ਮਾਨ ਸੰਸਦ ਮੈਂਬਰ ਬਣੇ ਸਨ।

ਮੀਤ ਹੇਅਰ ਹਲਕਾ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਨਾਲ-ਨਾਲ ਕੈਬਨਿਟ ਮੰਤਰੀ ਵੀ ਹਨ। ਉਹ ਬਰਨਾਲਾ ਤੋਂ ਲਗਾਤਾਰ ਦੂਜੀ ਵਾਰ ਵਿਧਾਇਕ ਦੀ ਚੋਣ ਜਿੱਤੇ ਸਨ। ਸੰਗਰੂਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਆਮ ਆਦਮੀ ਪਾਰਟੀ ਦੇ ਜੇਤੂ ਵਿਧਾਇਕ ਹਨ। ਇਸ ਹਲਕੇ ਤੋਂ ਹੀ ਤਿੰਨ ਕੈਬਨਿਟ ਮੰਤਰੀ ਹਨ। ਹਰਪਾਲ ਸਿੰਘ ਚੀਮਾ ਖਜ਼ਾਨਾ ਮੰਤਰੀ ਹਨ, ਅਮਨ ਅਰੋੜਾ ਦੇ ਨਾਲ-ਨਾਲ ਗੁਰਮੀਤ ਸਿੰਘ ਮੀਤ ਹੇਅਰ ਵੀ ਕੈਬਨਿਟ ਮੰਤਰੀ ਹਨ।

Photo

ਮੀਤ ਹੇਅਰ ਨੇ ਵਿਵੇਕਾਨੰਦ ਇੰਸਟੀਚਿਊਟ ਆਫ਼ ਟੈਕਨੌਲੋਜੀ ਤੋਂ ਬੀਟੈਕ ਦੀ ਪੜ੍ਹਾਈ ਕੀਤੀ ਹੈ। ਸਿਵਲ ਸੇਵਾ ਦੀ ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਮੀਤ ਹੇਅਰ ਅੰਨਾ ਹਜ਼ਾਰੇ ਅੰਦੋਲਨ ਤੋਂ ਬਾਅਦ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ। ਚੋਣ ਕਮਿਸ਼ਨ ਨੂੰ ਦਿਤੇ ਹਲਫ਼ਨਾਮੇ ਮੁਤਾਬਕ ਉਨ੍ਹਾਂ ਨੇ ਅਪਣੀ ਆਮਦਨ ਵਿਧਾਇਕ ਵਜੋਂ ਅਪਣੀ ਤਨਖਾਹ ਅਤੇ ਖੇਤੀਬਾੜੀ ਦੱਸੀ ਸੀ।

ਅੰਮ੍ਰਿਤਸਰ ਹਲਕਾ

ਹਲਕਾ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਪਾਰਟੀ ਦੇ ਉਮੀਦਵਾਰ ਹੋਣਗੇ। ਪਿਛਲੀਆਂ ਲੋਕ ਸਭਾ ਚੋਣਾਂ ਵਿਚ ਵੀ ਅੰਮ੍ਰਿਤਸਰ ਤੋਂ ਉਨ੍ਹਾਂ ਨੇ ਚੋਣ ਲੜੀ ਸੀ, ਹਾਲਾਂਕਿ ਉਹ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਔਜਲਾ ਤੋਂ ਹਾਰ ਗਏ ਸਨ।

Photo

 ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜਗਦੇਵ ਕਲਾਂ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਸੀਟ ਤੋਂ ਚੋਣ ਜਿੱਤੀ ਸੀ। ਪੰਜਾਬ ਕੈਬਨਿਟ ਵਿਚ ਉਨ੍ਹਾਂ ਕੋਲ ਐੱਨਆਰਆਈ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰਾਲੇ ਹਨ। ਕੁਲਦੀਪ ਸਿੰਘ 10ਵੀਂ ਪਾਸ ਹਨ। ਕੁਲਦੀਪ ਸਿੰਘ ਪੁਰਾਣੇ ਕਾਂਗਰਸੀ ਪਰਵਾਰ ਵਿਚੋਂ ਹਨ ਅਤੇ ਉਨ੍ਹਾਂ ਦੇ ਭਰਾ ਕਾਂਗਰਸੀ ਸਰਪੰਚ ਰਹੇ ਹਨ।

ਖਡੂਰ ਸਾਹਿਬ

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ ਚੋਣ ਲੜਨਗੇ। ਲਾਲਜੀਤ ਸਿੰਘ ਭੁੱਲਰ ਪੱਟੀ ਦੇ ਹੀ ਰਹਿਣ ਵਾਲੇ ਹਨ। ਆਮ ਆਦਮੀ ਪਾਰਟੀ ਵਲੋਂ ਉਹ ਪੱਟੀ ਵਿਧਾਨ ਸਭਾ ਸੀਟ ਤੋਂ ਵਿਧਾਇਕ ਚੁਣੇ ਗਏ ਸਨ। ਲਾਲਜੀਤ 12ਵੀਂ ਪਾਸ ਹਨ। ਪੰਜਾਬ ਕੈਬਨਿਟ ਵਿਚ ਉਨ੍ਹਾਂ ਕੋਲ ਪੰਜਾਬ ਦਾ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਮਹਿਕਮੇ ਹਨ। 2019 ਦੀਆਂ ਚੋਣਾਂ ਵਿਚ ਮਨਜਿੰਦਰ ਸਿੰਘ ਸਿੱਧੂ ਪਾਰਟੀ ਦੇ ਉਮੀਦਵਾਰ ਸਨ।

Photo

ਪਟਿਆਲਾ ਹਲਕਾ

ਲੋਕ ਸਭਾ ਹਲਕਾ ਪਟਿਆਲਾ ਤੋਂ ਡਾ. ਬਲਬੀਰ ਸਿੰਘ ਉਮੀਦਵਾਰ ਹਨ। ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦਾ ਜਨਮ ਨਵਾਂਸ਼ਹਿਰ ਦੇ ਪਿੰਡ ਭੌਰਾ ਪਿੰਡ ਵਿਚ ਹੋਇਆ ਸੀ। ਉਨ੍ਹਾਂ ਨੇ ਅਪਣੀ ਸ਼ੁਰੂਆਤੀ ਪੜ੍ਹਾਈ ਪਿੰਡ ਦੇ ਹੀ ਸਰਕਾਰੀ ਸਕੂਲ ਤੋਂ ਕੀਤੀ ਸੀ। ਅੱਖਾਂ ਦਾ ਡਾਕਟਰ ਬਣਨ ਤੋਂ ਬਾਅਦ ਉਹ ਲੰਮੇ ਸਮੇਂ ਤੋਂ ਪਟਿਆਲਾ ਸ਼ਹਿਰ ਵਿਚ ਰਹਿ ਰਹੇ ਹਨ। 2017 ਦੀਆਂ ਆਮ ਚੋਣਾਂ ‘ਚ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਲੜੇ ਪਰ ਹਾਰ ਗਏ ਸਨ।

Photo

ਜਦਕਿ 2022 ਦੀਆਂ ਚੋਣਾਂ ‘ਚ ਬ੍ਰਹਮ ਮਹਿੰਦਰਾ ਦੇ ਪੁੱਤਰ ਮੋਹਿਤ ਮਹਿੰਦਰਾ ਨੂੰ 50,000 ਤੋਂ ਵੱਧ ਵੋਟਾਂ ਨਾਲ ਹਰਾਇਆ ਸੀ। ਬਲਬੀਰ ਸਿੰਘ ਨੇ ਕਿਸਾਨ ਅੰਦੋਲਨ ਦੌਰਾਨ ਅੱਖਾਂ ਦੇ ਮੁਫ਼ਤ ਮੈਡੀਕਲ ਕੈਂਪ ਵੀ ਲਗਾਏ ਸਨ। ਉਨ੍ਹਾਂ ਦਾ ਨਾਮ ਇਕ ਜ਼ਮੀਨੀ ਵਿਵਾਦ ‘ਚ ਵੀ ਸ਼ਾਮਲ ਹੈ, ਜਿਸ ਨੂੰ ਲੈ ਕੇ ਉਨ੍ਹਾਂ ਨੂੰ ਸਜ਼ਾ ਸੁਣਾਈ ਗਈ ਸੀ, ਜਿਸ ‘ਤੇ ਬਾਅਦ ਵਿਚ ਰੋਕ ਲੱਗ ਗਈ ਸੀ। ਕੈਬਨਿਟ ਵਿਚ ਉਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਸਬੰਧੀ ਮਹਿਕਮੇ ਹਨ। 2019 ਦੀਆਂ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਪਟਿਆਲਾ ਤੋਂ ਨੀਨਾ ਮਿੱਤਲ ਨੂੰ ਉਮੀਦਵਾਰ ਐਲਾਨਿਆ ਸੀ।

ਬਠਿੰਡਾ ਹਲਕਾ

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਬਠਿੰਡਾ ਤੋਂ ਲੋਕ ਸਭਾ ਚੋਣ ਲੜਨਗੇ।  ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੇ ਲੰਬੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ। ਪੰਜਾਬ ਕੈਬਨਿਟ ਵਿਚ ਉਨ੍ਹਾਂ ਕੋਲ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰਾਲੇ ਅਤੇ ਫੂਡ ਪ੍ਰੋਸੈਸਿੰਗ ਮਹਿਕਮੇ ਹਨ।

Photo

ਖੁੱਡੀਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਖੁੱਡੀਆਂ ਮਹਾਂ ਸਿੰਘ ਦੇ ਰਹਿਣ ਵਾਲੇ ਹਨ। ਉਨ੍ਹਾਂ ਪਿੰਡ ਲੰਬੀ ਦੇ ਹੀ ਸਰਕਾਰੀ ਸਕੂਲ ਤੋਂ 1979 ਵਿਚ ਦਸਵੀਂ ਪਾਸ ਕੀਤੀ ਹੈ। ਗੁਰਮੀਤ ਸਿੰਘ ਖੁੱਡੀਆਂ ਦੇ ਪਿਤਾ ਜਗਦੇਵ ਸਿੰਘ ਖੁੱਡੀਆਂ 1989 ਵਿਚ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਸਨ। ਗੁਰਮੀਤ ਸਿੰਘ ਖੁੱਡੀਆਂ ਅਪਣੇ ਪਿਤਾ ਦੀ ਮੌਤ ਤੋਂ ਬਾਅਦ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਲੰਬਾ ਸਮਾਂ ਕਾਂਗਰਸ ਵਿਚ ਰਹਿਣ ਤੋਂ ਬਾਅਦ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ। 2019 ਦੀਆਂ ਲੋਕ ਸਭਾ ਚੋਣਾਂ ਵਿਚ ਬਠਿੰਡਾ ਤੋਂ ਆਮ ਆਦਮੀ ਪਾਰਟੀ ਨੇ ਪ੍ਰੋ. ਬਲਜਿੰਦਰ ਕੌਰ ਨੂੰ ਟਿਕਟ ਦਿਤੀ ਸੀ।

ਪੰਜਾਬ ਵਿੱਚ ਆਪ ਨੇ ਲੋਕ ਸਭਾ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਕੈਬਨਿਟ ਮੰਤਰੀਆਂ ਨੂੰ ਉਤਾਰਿਆ ਮੈਦਾਨ ‘ਚ, 5 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਬਾਕੀ

Lok Sabha Election 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਭਾਰਤੀ ਜਨਤਾ ਪਾਰਟੀ ਵੱਲੋਂ ਪੂਰੇ ਦੇਸ਼ ਵਿੱਚ ਆਪਣੇ ਲੋਕ ਸਭਾ ਉਮੀਦਵਾਰਾਂ ਦੀਆਂ ਲਿਸਟਾਂ ਇੱਕ-ਇੱਕ ਕਰਕੇ ਜਾਰੀ ਕੀਤੀਆਂ ਜਾ ਰਹੀਆਂ ਨੇ ਹੁਣ ਉੱਥੇ ਹੀ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਨੇ ਆਪਣੇ ਪਹਿਲੇ ਪੱਤੇ ਖੋਲ੍ਹਦਿਆਂ ਅੱਠ ਸੀਟਾਂ ਲਈ ਉਮੀਦਵਾਰਾਂ ਦੇ ਨਾਮ ਐਲਾਨੇ ਹਨ। ਫਿਲਹਾਲ 13 ਵਿੱਚੋਂ ਬਾਕੀ ਬਚਦੀਆਂ 5 ਸੀਟਾਂ ਲਈ ਨਾਮ ਐਲਾਨੇ ਜਾਣੇ ਬਾਕੀ ਹਨ।

list of Lok Sabha candidates in Punjab

ਕਈ ਕੈਬਨਿਟ ਮੰਤਰੀ ਮੈਦਾਨ ਵਿੱਚ: ਦੱਸ ਦਈਏ ਆਮ ਆਦਮੀ ਪਾਰਟੀ ਵੱਲੋਂ ਐਲਾਨੀ ਗਈ ਅੱਠ ਲੋਕ ਸਭਾ ਸੀਟਾਂ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਵਿੱਚ 5 ਮੌਜੂਦਾ ਕੈਬਨਿਟ ਮੰਤਰੀਆਂ ਦੇ ਨਾਮ ਸ਼ਾਮਿਲ ਹਨ। ਇਨ੍ਹਾਂ ਵਿੱਚ ਪਹਿਲਾਂ ਨਾਮ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ, ਡਾਕਟਰ ਬਲਬੀਰ ਸਿੰਘ ਅਤੇ ਲਾਲਜੀਤ ਭੁੱਲਰ ਦਾ ਨਾਮ ਸ਼ਾਮਿਲ ਹੈ। ਇਨ੍ਹਾਂ ਤੋਂ ਇਲਾਵਾ ਬਾਕੀ ਤਿੰਨ ਸੀਟਾਂ ਉੱਤੇ ਗੁਰਪ੍ਰੀਤ ਸਿੰਘ ਜੀਪੀ, ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਅਦਾਕਾਰ ਕਰਮਜੀਤ ਅਨਮੋਲ ਦਾ ਨਾਮ ਵੀ ਐਲਾਨਿਆ ਗਿਆ ਹੈ।

ਬਾਦਲਾਂ ਦੇ ਗੜ੍ਹ ‘ਚ ਚੁਣੌਤੀ ਦੇਣਗੇ ਖੁੱਡੀਆਂ: ਮਾਸਟਰ ਸਟਰੋਕ ਖੇਡਦਿਆਂ ਆਪ ਨੇ ਬਠਿੰਡਾ ਤੋਂ ਇੱਕ ਵਾਰ ਫਿਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਲੋਕ ਸਭਾ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਹੈ। ਪੰਜ ਵਾਰ ਦੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਾਤ ਦੇਣ ਤੋਂ ਬਾਅਦ ਵਿਧਾਨ ਸਭਾ ਪਹੁੰਚੇ ਗੁਰਮੀਤ ਸਿੰਘ ਖੁੱਡੀਆਂ ਨੂੰ ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨਿਆ। 2022 ਦੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੀ ਮੁਕਤਸਰ ਸਾਹਿਬ ਦੇ ਲੰਬੀ ਵਿਧਾਨ ਸਭਾ ਹਲਕੇ ਤੋਂ ਪ੍ਰਕਾਸ਼ ਸਿੰਘ ਬਾਦਲ ਖਿਲਾਫ ਗੁਰਮੀਤ ਸਿੰਘ ਖੁੱਡੀਆਂ ਨੇ ਚੋਣ ਲੜੀ ਸੀ । ਦੱਸ ਦਈਏ ਕਿਸੇ ਸਮੇਂ ਕਾਂਗਰਸ ਦੀ ਟਿਕਟ ਉੱਤੇ ਪ੍ਰਕਾਸ਼ ਸਿੰਘ ਬਾਦਲ ਖਿਲਾਫ ਗੁਰਮੀਤ ਸਿੰਘ ਖੁੱਡੀਆਂ ਨੇ ਚੋਣ ਲੜੀ ਸੀ ਪਰ ਸਫਲਤਾ ਨਹੀਂ ਮਿਲੀ ਸੀ।

With Thanks Reference to: https://www.rozanaspokesman.in/news/politics/140324/lok-sabha-election-2024-aap-punjab-candidates-list-news-in-punjabi.html and https://www.etvbharat.com/pa/!state/aap-has-released-the-list-of-lok-sabha-candidates-in-punjab-pbs24031402322

Spread the love