ਸਿਆਸੀ ਰੈਲੀ `ਚ ਆਪ ਵਰਕਰਾਂ ਨੂੰ ਇਕੱਠਾ ਕਰਨ ਲਈ ਮਾਨ ਸਰਕਾਰ ਨੇ ਅਧਿਆਪਕਾਂ ਨੂੰ ਬਣਾਇਆ ਬੱਸ ਕੰਡਕਟਰ: ਬੀਬੀ ਪਰਮਜੀਤ ਕੌਰ ਗੁਲਸ਼ਨ
ਅੰਮ੍ਰਿਤਸਰ ਰੈਲੀ ਵਿਚ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਸਰਕਾਰੀ ਮਸ਼ੀਨਰੀ ਦੀ ਹੋਈ ਦੁਰਵਰਤੋਂ: ਬੀਬੀ ਪਰਮਜੀਤ ਕੌਰ ਗੁਲਸ਼ਨ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਤੇ ਸਾਬਕਾ ਮੈਂਬਰ ਪਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਅੰਮ੍ਰਿਤਸਰ ਵਿਖੇ ਹੋਏ ਸਕੂਲ ਆਫ਼ ਐਮੀਨੈਂਸ ਦੇ ਰਾਜ ਪੱਧਰੀ ਸਮਾਗਮ ਵਿਚ ‘ਆਪ’ ਵਰਕਰਾਂ ਨੂੰ ਬੱਸਾਂ ਰਾਹੀਂ ਪਹੁੰਚਾਉਣ ਲਈ ਸਰਕਾਰੀ ਅਧਿਆਪਕਾਂ ਦੀਆਂ ਡਿਉਟੀਆਂ ਲਗਾਕੇ ਸਰਕਾਰੀ ਸਿਸਟਮ ਦੀ ਦੁਰਵਰਤੋਂ ਕਰਨ `ਤੇ ਭਗਵੰਤ ਮਾਨ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨਵਾਂ ਬਦਲਾਅ ਲੈ ਕੇ ਆਈ ਹੈ ਜਿਸ ਵਿਚ ਸਕੂਲ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਤੋਂ ਬੱਸਾਂ ਦੇ ਕੰਡਕਟਰਾਂ ਦਾ ਵੀ ਕੰਮ ਲਿਆ ਜਾ ਰਿਹਾ ਹੈ। ਉਹਨਾਂ ਆਖਿਆਂ ਕਿ 70 ਸਾਲ ਵਿੱਚ ਇਹ ਪਹਿਲੀਂ ਵਾਰ ਹੋਇਆ ਹੈ ਕਿ ਸਕੂਲ ਦੇ ਪ੍ਰਿੰਸੀਪਲਾਂ ਨੂੰ ਸਿਆਸੀ ਸਮਾਗਮ ਲਈ ਨੋਡਲ ਅਧਿਕਾਰੀ ਬਣਾਇਆ ਗਿਆ ਹੈ। ਬੀਬੀ ਗੁਲਸ਼ਨ ਨੇ ਕਿਹਾ ਕਿ ਇਹ ਸਰਕਾਰ ਪਿਛਲੀਆ ਸਰਕਾਰਾ ਤੋਂ ਵੀ ਅੱਗੇ ਲੰਘ ਗਈ ਹੈ। ਜਦਕਿ ਭਗਵੰਤ ਮਾਨ ਅਧਿਆਪਕਾਂ ਤੋਂ ਸਿਰਫ਼ ਬੱਚਿਆਂ ਨੂੰ ਪੜ੍ਹਾਉਣ ਦਾ ਕੰਮ ਲੈਣ ਦੀ ਹੀਂ ਗੱਲ ਆਖਦੇ ਆਏ ਹਨ।
ਇਥੇ ਜਾਰੀ ਬਿਆਨ ਵਿਚ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਰੈਲੀ ਨੂੰ ਸਫ਼ਲ ਬਣਾਉਣ ਲਈ ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀ ਪਾਰਟੀ ਦੇ ਵਰਕਰਾਂ ਨੂੰ ਲੈਕੇ ਆਉਣ ਦੀ ਡਿਉਟੀ ਲਗਾਈ ਸੀ। ਇਸ ਤੋਂ ਇਲਾਵਾ ਵਰਕਰਾਂ ਨੂੰ ਰੈਲੀ ਤੱਕ ਛੱਡਣ ਲਈ ਪੀਆਰਟੀਸੀ ਦੀ ਬੱਸਾਂ ਦੀ ਦੁਰਵਰਤੋਂ ਵੀ ਕੀਤੀ ਗਈ। ਜਦੋਂਕਿ ਵਰਕਰਾਂ ਦੇ ਖਾਣ-ਪੀਣ ਦੇ ਪ੍ਰਬੰਧ ਦੀ ਜਿ਼ੰਮੇਵਾਰੀ ਪੰਜਾਬ ਦੇ ਖ਼ੁਰਾਕ ਅਤੇ ਸਿਵਲ ਵਿਭਾਗ ਨੂੰ ਸੌਂਪੀ ਗਈ।ਬੀਬੀ ਗੁਲਸ਼ਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੰਤ ਹਰਚੰਦ ਸਿੰਘ ਲੌਗੋਵਾਲ ਜੀ ਦੀ ਬਰਸੀਂ, ਬਾਬਾ ਬਕਾਲਾ ਰੱਖੜ ਪੁੰਨਿਆਂ ਮੇਲੇ,ਜਲੰਧਰ ਵਿੱਚ ਸਬ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡਣ ਵੇਲੇ ਹੋਏ ਸਮਾਗਮ ਤੋਂ ਇਲਾਵਾ ਬਠਿੰਡਾ ਵਿਚ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨੀ ਸਮਾਗਮ ਵਿਚ ਭੀੜ ਇਕੱਠੀ ਕਰਨ ਸੂਬੇ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੇ ਮੁੱਖੀਆ ਨੂੰ ਆਪਣੇ ਸਟਾਫ਼ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਸਨ।ਪਰ ਸਾਰੇ ਹੀ ਪ੍ਰੋਗਰਾਮਾਂ ਵਿੱਚ ਇੱਕਠ ਨਾ ਹੋਣ ਕਰਕੇ ਸਮਾਗਮ ਫੇਲ਼੍ਹ ਹੋ ਗਏ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਰੈਲੀ ਵਿਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਖ਼ੁਸ਼ ਕਰਨ ਦੀ ਕੋਸਿ਼ਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਕਿਹਾ ਸੀ ਕਿ ਸਰਕਾਰੀ ਅਧਿਆਪਕਾਂ ਤੋਂ ਬੱਚਿਆਂ ਨੂੰ ਪੜ੍ਹਾਉਣ ਤੋਂ ਇਲਾਵਾ ਕੋਈ ਹੋਰ ਕੰਮ ਨਹੀ ਲਿਆ ਜਾਵੇਗਾ।
ਬੀਬੀ ਗੁਲਸ਼ਨ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਉਨ੍ਹਾ ਦੀ ਸਰਕਾਰ ਸੂਬੇ ਦੇ 117 ਹਲਕਿਆਂ ਵਿਚ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕਰੇਗੀ ਉਨ੍ਹਾਂ ਕਿਹਾ ਕਿ ਸਰਕਾਰ ਬਣੇ ਨੂੰ ਡੇਢ ਸਾਲ ਤੋਂ ਉਪਰ ਹੋ ਚੁੱਕਾ ਹੈ ਪਰ ਅਜੇ ਸਿਰਫ਼ ਇਕ ਹੀ ਅਜਿਹਾ ਸਕੂਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਸਕੂਲਾਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ ਤੇ ਅਧਿਆਪਕ ਬੱਚਿਆਂ ਨੂੰ ਪੜ੍ਹਾਉਣ ਦੇ ਬਜਾਏ ਸਿਆਸੀ ਰੈਲੀਆਂ ਵਿਚ ਪਾਰਟੀ ਦੇ ਵਰਕਰਾਂ ਨੂੰ ਬੱਸਾਂ ਵਿਚ ਢੋਹ-ਢੁਆਈ ਦਾ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਪੀਆਰਟੀਸੀ ਦੀਆਂ ਬੱਸਾਂ ਨੂੰ ਸਿਆਸੀ ਰੈਲੀ ਵਿਚ ਵਰਤਕੇ ਸੂਬੇ ਦੇ ਲੋਕਾਂ ਨੂੰ ਤੰਗ ਅਤੇ ਪ੍ਰੇਸ਼ਾਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਰੈਲੀ ਵਿਚ ਵੱਡਾ ਇਕੱਠ ਕਰਨ ਵਾਸਤੇ ਸਰਕਾਰੀ ਖਜਾਨੇ ਤੇ ਕਰੋੜਾਂ ਦਾ ਬੋਝ ਪਿਆ ਗਿਆ ਹੈ।
With Thanks Reference to: https://punjab.news18.com/news/punjab/bibi-paramjit-kaur-gulshan-said-bhagwant-mann-government-made-teachers-bus-conductors-to-gather-aap-workers-in-political-rally-ak-460944.html