‘ਆਪ’ ਵੱਲੋਂ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਦਾ ਬਾਈਕਾਟ
ਦੇਸ਼ ਦੇ ਸੰਸਦ ਭਵਨ ਦੀ ਨਵੀਂ ਇਮਾਰਤ ਦੇ ਉਦਘਾਟਨੀ ਸਮਾਗਮ ਵਿੱਚ ਰਾਸ਼ਟਰਪਤੀ ਨੂੰ ਸੱਦਾ ਨਾ ਦਿੱਤੇ ਜਾਣ ’ਤੇ ਆਮ ਆਦਮੀ ਪਾਰਟੀ (ਆਪ) ਨੇ ਸਮਾਗਮ ਵਿੱਚ ਸ਼ਾਮਲ ਨਾ ਹੋਣ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੇ ਰਾਸ਼ਟਰਪਤੀ ਦੇ ਅਹੁਦੇ ਨੂੰ ਢਾਹ ਲਗਾਈ ਹੈ। ਇਸ ਲਈ ਉਹ 28 ਮਈ ਨੂੰ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ।
ਮਾਨ ਨੇ ਕਿਹਾ ਕਿ ਜਦੋਂ ਵੀ ਸੰਸਦ ਦਾ ਨਵਾਂ ਇਜਲਾਸ ਬੁਲਾਇਆ ਜਾਂਦਾ ਹੈ ਤਾਂ ਦੇਸ਼ ਦੇ ਰਾਸ਼ਟਰਪਤੀ ਵੱਲੋਂ ਹਰ ਸੰਸਦ ਮੈਂਬਰ ਨੂੰ ਸੈਸ਼ਨ ’ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਂਦਾ ਹੈ ਪਰ ਇਹ ਦੁੱਖ ਦੀ ਗੱਲ ਹੈ ਕਿ ਸੰਸਦ ਦੀ ਨਵੀਂ ਇਮਾਰਤ ਦੇ ਉਦਘਾਟਨ ਮੌਕੇ ਹੋਣ ਵਾਲੇ ਸਮਾਗਮ ’ਚ ਸਰਕਾਰ ਦੇ ਸੰਵਿਧਾਨਕ ਮੁਖੀ ਨੂੰ ਸੱਦਾ ਤੱਕ ਵੀ ਨਹੀਂ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ, “ਮੇਰੀ ਜ਼ਮੀਰ ਮੈਨੂੰ ਅਜਿਹੇ ਕਿਸੇ ਵੀ ਸਮਾਗਮ ’ਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੰਦੀ ਜਿੱਥੇ ਸੱਤਾ ਦੀ ਭੁੱਖੀ ਸਰਕਾਰ ਨੇ ਦੇਸ਼ ਦੇ ਸੰਵਿਧਾਨਕ ਮੁਖੀ ਨੂੰ ਸੱਦਾ ਦੇਣ ਦੀ ਵੀ ਖੇਚਲ ਨਾ ਕੀਤੀ ਹੋਵੇ।” ਜ਼ਿਕਰਯੋਗ ਹੈ ਕਿ ਬੀਤੇ ਦਿਨ ਦੇਸ਼ ਦੀਆਂ ਵਿਰੋਧੀ ਪਾਰਟੀਆਂ ਨੇ ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ ਪ੍ਰਧਾਨ ਮੰਤਰੀ ਦੀ ਥਾਂ ਦੇਸ਼ ਦੇ ਰਾਸ਼ਟਰਪਤੀ ਤੋਂ ਕਰਵਾਉਣ ਦੀ ਮੰਗ ਕਰਦਿਆਂ 28 ਮਈ ਦੇ ਉਦਘਾਟਨੀ ਸਮਾਗਮ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਸੀ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਦੇ ਨਾਮ ਵੀਡੀਓ ਸੰਦੇਸ਼ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਸੂਬੇ ’ਚ ਭ੍ਰਿਸ਼ਟਾਚਾਰ ਜੜ੍ਹੋਂ ਖ਼ਤਮ ਕਰਨ ਲਈ ਇਕ ਸਾਲ ਪਹਿਲਾਂ ਸ਼ੁਰੂ ਕੀਤੀ ‘ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ’ਤੇ ਆਈਆਂ ਸ਼ਿਕਾਇਤਾਂ ਦੇ ਆਧਾਰ ’ਤੇ ਵੱਖ-ਵੱਖ ਵਿਭਾਗਾਂ ’ਚ ਤਾਇਨਾਤ 300 ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜੇਲ੍ਹਾਂ ’ਚ ਡੱਕਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ’ਚੋਂ ਨਿਕਲੀ ਹੈ, ਜਿਸ ਕਰਕੇ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ, ਜਿਸ ਲਈ ਇਹ ਪਹਿਲਕਦਮੀ ਕੀਤੀ ਗਈ। ਪੰਜਾਬ ਸਰਕਾਰ ਨੇ ਪਹਿਲੇ ਦਿਨ ਹੀ ਲੋਕਾਂ ਦੀ ਕਮਾਈ ਦੇ ਇਕ-ਇਕ ਪੈਸੇ ਨੂੰ ਬਚਾਉਣ ਅਤੇ ਲੋਕਾਂ ਦੇ ਕੰਮਾਂ ’ਤੇ ਲਗਾਉਣ ਦਾ ਵਾਅਦਾ ਕੀਤਾ ਸੀ। ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰੱਖੀ ਜਾਵੇਗੀ। ਇਸ ਤਰ੍ਹਾਂ ਲੋਕਾਂ ਦੇ ਪੈਸੇ ਦੀ ਲੁੱਟ ਦਾ ਇੱਕ-ਇੱਕ ਰੁਪਿਆ ਵਸੂਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਕਿ ਪੰਜਾਬ ਸਰਕਾਰ ਨੇ ਜਿੱਥੇ 300 ਤੋਂ ਵੱਧ ਅਧਿਕਾਰੀਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਹੈ, ਉੱਥੇ ਹੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ. ਵਿਜੈ ਸਿੰਗਲਾ ਵਿਰੁੱਧ ਸ਼ਿਕਾਇਤ ਮਿਲਣ ’ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕੈਬਨਿਟ ’ਚੋਂ ਬਾਹਰ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਕਈ ਹੋਰ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਨੂੰ ਵੀ ਜੇਲ੍ਹਾਂ ’ਚ ਬੰਦ ਕੀਤਾ ਗਿਆ ਹੈ।
With Thanks Reference To : https://www.punjabitribuneonline.com/news/punjab/39aap39-boycotts-the-inauguration-ceremony-of-the-new-parliament-building-232136