ਰਾਜ ਸਭਾ ਚੋਣਾਂ: ‘ਆਪ’ ਦੇ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ
ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਰਾਜ ਸਭਾ ਸੀਟਾਂ ਲਈ ਪੰਜ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ (33), ਪੰਜਾਬ ਚੋਣਾਂ ਵਿੱਚ ਪਾਰਟੀ ਦੇ ਸਿਆਸੀ ਰਣਨੀਤੀਕਾਰ ਡਾ. ਸੰਦੀਪ ਪਾਠਕ (43), ਸਾਬਕਾ ਕ੍ਰਿਕਟਰ ਹਰਭਜਨ ਸਿੰਘ (41), ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ਦੇ ਚਾਂਸਲਰ ਅਸ਼ੋਕ ਮਿੱਤਲ (58) ਅਤੇ ਲੁਧਿਆਣਾ ਦੇ ਪ੍ਰਸਿੱਧ ਉਦਯੋਗਪਤੀ ਸੰਜੀਵ ਅਰੋੜਾ (58) ਦੇ ਨਾਮ ਸ਼ਾਮਲ ਹਨ। ਇਨ੍ਹਾਂ ਸਾਰੇ ਉਮੀਦਵਾਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ‘ਆਪ’ ਦੇ ਸਾਰੇ ਪੰਜੇ ਉਮੀਦਵਾਰਾਂ ਦਾ ਨਿਰਵਿਰੋਧ ਚੁਣਿਆ ਜਾਣਾ ਨਿਸ਼ਚਿਤ ਹੈ। ਹੋਰ ਪਾਰਟੀਆਂ ਨੇ ਰਾਜ ਸਭਾ ਲਈ ਕੋਈ ਨਾਮਜ਼ਦਗੀ ਦਾਖ਼ਲ ਨਹੀਂ ਕੀਤੀ ਹੈ। ਸੰਸਦ ਦੇ ਉਪਰਲੇ ਸਦਨ ਵਿੱਚ ਖਾਲੀ ਹੋਈਆਂ ਪੰਜ ਸੀਟਾਂ ਲਈ ਚੋਣਾਂ 31 ਮਾਰਚ ਨੂੰ ਹੋਣੀਆਂ ਹਨ। ਭਲਕੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਜਦੋਂ ਕਿ 24 ਮਾਰਚ ਤੱਕ ਕਾਗਜ਼ ਵਾਪਸ ਲਏ ਜਾ ਸਕਦੇ ਹਨ। ਪੰਜਾਬ ਨਾਲ ਸਬੰਧਤ ਪੰਜ ਰਾਜ ਸਭਾ ਮੈਂਬਰਾਂ ’ਚ ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋਂ, ਸ਼ਵੇਤ ਮਲਿਕ, ਨਰੇਸ਼ ਗੁਜਰਾਲ ਅਤੇ ਸੁਖਦੇਵ ਸਿੰਘ ਢੀਂਡਸਾ ਦਾ ਕਾਰਜਕਾਲ 9 ਅਪਰੈਲ ਨੂੰ ਖ਼ਤਮ ਹੋ ਰਿਹਾ ਹੈ, ਜਦੋਂ ਕਿ ਦੋ ਹੋਰ ਮੈਂਬਰਾਂ ਬਲਵਿੰਦਰ ਸਿੰਘ ਭੂੰਦੜ ਤੇ ਅੰਬਿਕਾ ਸੋਨੀ ਦਾ ਕਾਰਜਕਾਲ 4 ਜੁਲਾਈ ਨੂੰ ਖ਼ਤਮ ਹੋਵੇਗਾ। ‘ਆਪ’ ਵੱਲੋਂ ਪੰਜਾਬ ਤੋਂ ਰਾਜ ਸਭਾ ਦੀਆਂ ਪੰਜ ਸੀਟਾਂ ਲਈ ਐਲਾਨੇ ਗਏ ਚਿਹਰਿਆਂ ਵਿੱਚੋਂ ਦੋ ਦਿੱਲੀ ਅਤੇ ਤਿੰਨ ਪੰਜਾਬ ਨਾਲ ਸਬੰਧਤ ਹਨ। ਪੰਜਾਬ ਤੋਂ ਬਾਹਰ ਤੋਂ ਉਮੀਦਵਾਰ ਉਤਾਰੇ ਜਾਣ ’ਤੇ ਵਿਰੋਧੀ ਪਾਰਟੀਆਂ ਨੇ ‘ਆਪ’ ਨੂੰ ਘੇਰਿਆ ਹੈ।
ਡਾ. ਐੱਸ ਕਰੁਣਾ ਰਾਜੂ ਆਬਜ਼ਰਵਰ ਨਿਯੁਕਤ
ਭਾਰਤੀ ਚੋਣ ਕਮਿਸ਼ਨ ਨੇ 31 ਮਾਰਚ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ। ਭਾਰਤੀ ਚੋਣ ਕਮਿਸ਼ਨ ਨੇ ਡਾ. ਰਾਜੂ ਨੂੰ ਰਾਜ ਸਭਾ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ, ਪੋਲਿੰਗ ਅਤੇ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਦੌਰਾਨ ਮੌਜੂਦ ਰਹਿਣ ਦੇ ਆਦੇਸ਼ ਦਿੱਤੇ ਹਨ। ਚੋਣਾਂ ਮਗਰੋਂ ਉਹ ਹੀ ਭਾਰਤੀ ਚੋਣ ਕਮਿਸ਼ਨ ਕੋਲ ਰਿਪੋਰਟ ਪੇਸ਼ ਕਰਨਗੇ।
With Thanks Refrence to: https://www.punjabitribuneonline.com/news/punjab/rajya-sabha-elections-nomination-papers-filed-by-five-aap-candidates-139877